ਅੰਤਰ-ਰਾਸ਼ਟਰੀ ਅਧਿਆਪਕ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਸੁਪਰ 100 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, (ਦ ਸਟੈਲਰ ਨਿਊਜ਼): ਸਿੱਖਿਆ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਅਧਿਆਪਕ ਦਿਵਸ ਮੌਕੇ ਪਟਿਆਲਾ ਜ਼ਿਲ੍ਹੇ ਦੇ 100 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ, ਇਨ੍ਹਾਂ ਦਾ ਕੰਮ ਹੀ ਸਮਾਜ ਅਤੇ ਦੇਸ਼ ਲਈ ਸੇਵਾ ਹੈ। ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਪਹਿਚਾਣ ਕੇ ਉਹਨਾਂ ਨੂੰ ਅੱਗੇ ਵਧਾਉਣ ਲਈ ਮਾਰਗ ਦਰਸ਼ਕ ਬਣਨ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਈਸ਼ਾ ਸਿੰਘਲ ਉਚੇਚੇ ਤੌਰ ਉਤੇ ਸ਼ਾਮਲ ਹੋਏ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਜੇਕਰ ਕਿਸੇ ਤਰ੍ਹਾਂ ਦੀ ਵੀ ਖਾਸ ਟ੍ਰੇਨਿੰਗ ਦੀ ਜ਼ਰੂਰਤ ਹੈ ਤਾਂ ਅਧਿਆਪਕ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜ. ਅਮਰਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਪਟਿਆਲਾ ਜ਼ਿਲ੍ਹੇ ਦੇ 16 ਬਲਾਕਾਂ ਦੇ 100 ਅਧਿਆਪਕਾਂ ਨੂੰ ਬਿਹਤਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸਾਲ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਲਈ ਕਰਵਾਏ ਜਾਂਦੇ ਸਮਾਗਮ ਵਿਚ ਚੰਗੇ ਨਤੀਜੇ ਪ੍ਰਾਪਤ ਕਰਨ ਵਾਲੇ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਸਹਿ ਵਿੱਦਿਅਕ ਗਤੀਵਿਧੀਆਂ ਰਾਹੀਂ ਤਰਾਸ਼ਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਂਦਾ ਹੈ। ਇਸ ਮੌਕੇ ਡਿਪਟੀ ਡੀ.ਈ.ਓ ਮਨਵਿੰਦਰ ਕੌਰ ਭੁੱਲਰ, ਡਾ. ਨਰਿੰਦਰ ਸਿੰਘ, ਜਗਜੀਤ ਸਿੰਘ ਵਾਲੀਆ, ਮੇਜਰ ਸਿੰਘ, ਪਰਵਿੰਦਰ ਸਿੰਘ  ਸਮੇਤ ਸਾਂਝੀ ਸਿੱਖਿਆ ਐਨ.ਜੀ.ਓ ਟੀਮ ਦੇ ਮੈਂਬਰ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here