ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ: ਸੰਦੀਪ ਹੰਸ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼):  ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 70 ਖਰੀਦ ਕੇਂਦਰਾਂ ਵਿਚੋਂ 68 ਖਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚ 101554 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 99507 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 36622 ਮੀਟ੍ਰਿਕ ਟਨ, ਮਾਰਕਫੈਡ ਵਲੋਂ 23931, ਪਨਸਪ ਵਲੋਂ 16986 , ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 10876, ਐਫ.ਸੀ.ਆਈ. ਵਲੋਂ 9808 ਅਤੇ ਵਪਾਰੀਆਂ ਵਲੋਂ 1384 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 150.17 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

Advertisements

ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਬਿਮਾਰੀਆਂ ਲੱਗਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਬੰਦੀਆਂ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

LEAVE A REPLY

Please enter your comment!
Please enter your name here