ਪਟਿਆਲਾ ਦੇ ਸਰਕਾਰੀ ਸਕੂਲਾਂ ‘ਚ ਹੋਈ ਮਾਪੇ ਅਧਿਆਪਕ ਮਿਲਣੀ

ਪਟਿਆਲਾ, (ਦ ਸਟੈਲਰ ਨਿਊਜ਼): ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜ. ਅਮਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਈ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਬਣਾਈ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਛਿਮਾਹੀ ਮੁਲਾਂਕਣ ਦੀ ਪ੍ਰਗਤੀ ਰਿਪੋਰਟ ਮਾਪਿਆਂ ਨਾਲ ਸਾਂਝੀ ਕਰਨ ਲਈ ਡਾ. ਰਵਿੰਦਰਪਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ‘ਤੇ ਮਨਵਿੰਦਰ ਕੌਰ ਭੁੱਲਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੇ ਦੇਖ-ਰੇਖ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ।

Advertisements

ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਕਿਹਾ ਕਿ ਪਟਿਆਲਾ ਦੇ ਸਮੂਹ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਆ ਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਲਈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ, ਉੱਥੇ ਨਾਲ ਹੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ। ਇੰਜ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨੇ ਮਾਪੇ-ਅਧਿਆਪਕ ਮਿਲਣੀ ਸੰਬੰਧੀ ਨੇ ਦੱਸਿਆ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਦੇ ਬੈਠਣ ਲਈ ਵਧੀਆ ਪ੍ਰਬੰਧ ਸਨ। ਜਮਾਤ ਇੰਚਾਰਜਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਪ੍ਰੀਖਿਆਵਾਂ ਵਿੱਚ ਰਹਿ ਗਏ ਕਮਜ਼ੋਰ ਪੱਖਾਂ ‘ਤੇ ਕਿਸ ਵਿਧੀ ਨਾਲ ਕੰਮ ਕੀਤਾ ਜਾਣਾ ਹੈ ਬਾਰੇ ਚਰਚਾ ਕੀਤੀ।

ਡਾ. ਰਵਿੰਦਰਪਾਲ ਸ਼ਰਮਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ‘ਤੇ ਮਨਵਿੰਦਰ ਕੌਰ ਭੁੱਲਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨੇ ਦੱਸਿਆ ਕਿ  ਮਾਪਿਆਂ ਨੂੰ ਸਕੂਲਾਂ ਵਿੱਚ ਸਮਾਰਟ ਕਲਾਸ-ਰੂਮ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਦੱਸਿਆ ਅਤੇ ਇਸ ਮੀਟਿੰਗ ਦੌਰਾਨ ਮਾਤਾ ਪਿਤਾ ਸਾਹਿਬਾਨ ਦੇ ਸਵਾਗਤ ਉਪਰੰਤ ਉਹਨਾਂ ਨੂੰ ਪ੍ਰਦਰਸ਼ਨੀ ਲਗਾ ਕੇ ਵਿਦਿਆਰਥੀਆਂ ਲਈ ਵਰਤੇ ਜਾਣ ਵਾਲੇ ਸਪਲੀਮੈਂਟਰੀ ਮਟੀਰੀਅਲ ਤੋਂ ਜਾਣੂ ਕਰਵਾਇਆ ਗਿਆ ਅਤੇ ਇਸ ਉਪਰੰਤ ਵਿਦਿਆਰਥੀਆਂ ਦੇ ਮਾਤਾ-ਪਿਤਾ/ਸਰਪ੍ਰਸਤ ਸਾਹਿਬਾਨ ਲਈ ਵੀ ਸਕੂਲਾਂ ਵਿੱਚ ਮਨੋਰੰਜਕ ਖੇਡਾਂ ਦਾ ਵਿਸ਼ੇਸ਼ ਆਯੋਜਨ, ਫ਼ੋਟੋ ਕਾਰਨਰ  ਅਤੇ ਪੌਦੇ ਲਗਾਉਣ ਆਦਿ ਦੀਆਂ ਗਤੀਵਿਧੀਆਂ ਕਰਵਾਉਣ ਲਈ ਵੀ ਪ੍ਰੇਰਿਆ ਗਿਆ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨਾਂ ਅਤੇ ਮੈਂਬਰਾਂ, ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ, ਬਲਾਕ ‘ਤੇ ਜ਼ਿਲ੍ਹਾ ਮੀਡੀਆ ਟੀਮ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

LEAVE A REPLY

Please enter your comment!
Please enter your name here