ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ

ਗੁਰਦਾਸਪੁਰ, ( ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਲਾਸ਼ ਸਤਿਆਰਥੀ, ਚਿਲਡਰਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਚਾਇਲਡ ਮੈਰਿਜ਼ ਫਰੀ ਇੰਡੀਆ-ਸੇਫ ਚਾਇਲਡਹੁਡ ਸੇਫ ਇੰਡੀਆ ਤਹਿਤ ਵਿਸ਼ੇਸ਼ ਮੁਹਿੰਮ ਦੀ ਸ਼ੂਰਆਤ ਕੀਤੀ ਗਈ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਐਚ.ਆਰ.ਏ ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਬਾਲ ਵਿਆਹ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਗੁਰਦਾਸਪੁਰ ਵੱਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵੱਲੋਂ ਵੱਖ ਵੱਖ ਪਿੰਡਾਂ ਵਿਖੇ ਕੈਂਡਲ ਮਾਰਚ ਕੱਢੇ ਗਏ। ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਵੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ  ਵਿਚ ਸਹੁੰ-ਚੁੱਕ ਸਮਾਗਮ ਕਰਵਾਏ ਗਏ।

Advertisements

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, ਮਿਸ ਸੁਮਨਦੀਪ ਕੌਰ ਨੇ ਦੱਸਿਆ ਕਿ ਬਾਲ ਵਿਆਹ ਇੱਕ ਜੁਰਮ ਹੈ ਅਤੇ ਬਾਲ ਵਿਆਹ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਸੰਵਿਧਾਨ ਵਿੱਚ ਕਾਨੂੰਨ ਵੀ ਬਣਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ 18 ਸਾਲ ਤੋਂ ਘੱਟ ਉਮਰ ਵਿੱਚ ਲੜਕੇ/ਲੜਕੀ ਦਾ ਵਿਆਹ ਕਰਦਾ ਹੈ ਤਾਂ ਇਹ ਕਾਨੂੰਨ ਅਨੁਸਾਰ ਅਪਰਾਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਬਾਲ ਵਿਆਹ ਕਰਵਾਇਆ ਜਾ ਰਿਹਾ ਹੈ ਤਾਂ ਇਸ ਦੀ ਜਾਣਕਾਰੀ ਜ਼ਿਲਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਦੇ ਦਫਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ-ਏ ਦੇ ਕਮਰਾ ਨੰਬਰ 218 ਵਿਖੇ ਦਿੱਤੀ ਜਾਵੇ ਜਾਂ ਚਾਈਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਵੇ ਤਾਂ ਜੋ ਬਾਲ ਵਿਆਹ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸ੍ਰੀ ਸੁਨੀਲ ਜੋਸ਼ੀ, ਬਾਲ ਸੁਰੱਖਿਆ ਅਫਸਰ, ਸੁਪਰਵਾਈਜ਼ਰ, ਬਲਾਕ-ਗੁਰਦਾਸਪੁਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here