ਰਾਸ਼ਟਰੀ ਪੁਲੀਸ ਦਿਵਸ ਮੌਕੇ ਪੁਲੀਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਫਿਰੋਜ਼ਪੁਰ (ਦ ਸਟੈਲਰ ਨਿਊਜ਼)।  ਸ਼ਹੀਦ ਪੁਲੀਸ ਕਰਮਚਾਰੀਆਂ ਦੀ ਯਾਦ ਵਿੱਚ ਰਾਸ਼ਟਰੀ ਪੁਲੀਸ ਦਿਵਸ ਮੌਕੇ ਅੱਜ ਪੁਲੀਸ ਲਾਈਨ ਫਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਲਈ ਸ਼ਹਾਦਤ ਦੇਣ ਵਾਲੇ ਪੁਲੀਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ., ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਅਤੇ ਐਸ.ਐਸ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਪੁਲੀਸ ਵਿਭਾਗ ਦੇ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਫਤੇਹ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲੀਸ ਦੀ ਟੁੱਕੜੀ ਵੱਲੋਂ ਸ਼ਹੀਦਾਂ ਦੇ ਸਮਾਰਕ ਤੇ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ ਪੁਲੀਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਮ੍ਰਿਤ ਸਿੰਘ ਨੇ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅਮਨ ਸ਼ਾਂਤੀ ਦੇ ਮਾਹੌਲ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਇਨ੍ਹਾਂ ਲਾਸਾਨੀ ਕੁਰਬਾਨੀਆਂ ਦੇ ਅਸੀਂ ਹਮੇਸ਼ਾਂ ਕਰਜ਼ਦਾਰ ਰਹਾਂਗੇ। ਉਨ੍ਹਾਂ ਇਸ ਮੌਕੇ ਸੱਦਾ ਦਿੱਤਾ ਕਿ ਅਸੀਂ ਇੱਕਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸ਼ਹੀਦਾਂ ਦੇ ਪਰਿਵਾਰਾਂ ਦਾ ਪੂਰਾ ਮਾਣ ਸਤਿਕਾਰ ਕਰੇਗਾ ਤੇ ਉਨ੍ਹਾਂ ਨੂੰ ਬਣਦੀ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

Advertisements

ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ ਜਿੱਥੇ ਅਸੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ ਉੱਥੇ ਹੀ ਉਨ੍ਹਾਂ ਦੇ ਪਰਿਵਾਰਾਂ ਦਾ ਇਸ ਲਾਮਿਸਾਲ ਯੋਗਦਾਨ ਲਈ ਸਨਮਾਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸ਼ਹੀਦੀ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਦੇਸ਼ ਦੀ ਅਮਨ ਸ਼ਾਂਤੀ ਵਿੱਚ ਵੱਡਾ ਯੋਗਦਾਨ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੇ ਜ਼ਿਗਰ ਦੇ ਟੁਕੜੇ ਕੁਰਬਾਨ ਕੀਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਦੇਸ਼ ਅੰਦਰ ਅਮਨ ਕਾਨੂੰਨ ਦੀ ਰੱਖਿਆ ਲਈ ਸੁਰੱਖਿਆ ਫੋਰਸਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਆਪਣੇ ਬਹਾਦਰ ਸ਼ਹੀਦਾਂ ਨੂੰ ਜਿੱਥੇ ਸ਼ਰਧਾ ਭੇਟ ਕਰਦੀ ਹੈ ਉੱਥੇ ਹੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾਂ ਖੜ੍ਹੀ ਹੈ ਅਤੇ ਉਨ੍ਹਾਂ ਨੂੰ  ਕਿਸੇ ਕਿਸਮ ਦੀ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ 45 ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸ਼ਹੀਦਾਂ ਦੀ ਯਾਦ ਵਿੱਚ ਐਸ.ਐਸ.ਪੀ. ਦਫ਼ਤਰ ਵੱਲੋਂ ਲੰਗਰ ਵੀ ਲਗਾਇਆ ਗਿਆ।

ਸਮਾਗਮ ਤੋਂ ਬਾਅਦ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਮੁਸ਼ਕਿਲਾਂ ਵੀ ਸੁਣਿਆਂ ਗਈਆਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ।  ਇਸ ਮੌਕੇ ਸ੍ਰੀ. ਰਜਿੰਦਰ ਕ੍ਰਿਸ਼ਨ ਕਾਂਮਡੈਂਟ ਪੰਜਾਬ ਹੋਮ ਗਾਰਡਜ਼, ਸ. ਗੁਰਮੀਤ ਸਿੰਘ ਚੀਮਾ ਐੱਸਪੀ (ਐਚ), ਸ. ਮਨਜੀਤ ਸਿੰਘ ਡੀਐੱਸਪੀ (ਐਚ), ਸ. ਜਾਗੀਰ ਸਿੰਘ ਡੀਐੱਸਪੀ (ਪੀਬੀਆਈ), ਸ. ਸਨਦੀਪ ਸਿੰਘ ਡੀਐੱਸਪੀ ਦਿਹਾਤੀ, ਸ੍ਰੀ ਸੁਰਿੰਦਰ ਬਾਂਸਲ ਡੀਐੱਸਪੀ ਸ਼ਹਿਰੀ, ਸ. ਯਾਦਵਿੰਦਰ ਸਿੰਘ ਡੀਐੱਸਪੀ ਗੁਰੂਹਰਸਹਾਏ, ਸ੍ਰੀ ਅਸ਼ਵਨੀ ਕੁਮਾਰ ਡੀਐੱਸਪੀ ਸੀ.ਏ.ਡਬਲਯੂ ਫਿਰੋਜ਼ਪੁਰ, ਸ੍ਰੀ ਰਾਜ ਕੁਮਾਰ ਸਾਮਾ ਡੀਐੱਸਪੀ ਵਿਜੀਲੈਸ ਬਿਊਰੋ ਫਿਰੋਜ਼ਪੁਰ, ਸ. ਜਸਪਾਲ ਸਿੰਘ  ਡੀਐੱਸਪੀ (ਰਿਟਾ.), ਸਮੂਹ ਐੱਸਐੱਚਓਜ਼, ਸ਼ਹੀਦਾਂ ਦੇ ਪਾਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।

LEAVE A REPLY

Please enter your comment!
Please enter your name here