ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਾਜ ਕਮਲ ਚੌਧਰੀ ਨੇ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਫੁੱਟਬਾਲ ਅਕਾਦਮੀ ਮਾਹਿਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਟੇਡੀਅਮ ਵਿਚ ਦਿੱਤੀਆਂ ਜਾਣ ਵਾਲੀਆਂ ਖੇਡ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਉਤਸ਼ਾਹਿਤ ਕਰਨ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਨੰਬਰ ਇਕ ਸੂਬਾ ਬਣਾਉਣ ਲਈ ਖੇਡ ਵਿਭਾਗ ਵਚਨਬੱਧ ਹੈ, ਜਿਸ ਲਈ ਸੂਬੇ ਵਿਚ ਖੇਡ ਪੱਖੀ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨਾਲ ਸਹੀ ਮਾਅਨਿਆਂ ਵਿਚ ਖਿਡਾਰੀਆਂ ਨੂੰ ਇਕ ਵਧੀਆ ਪਲੇਟਫਾਰਮ ਮੁਹੱਈਆ ਹੋਇਆ ਹੈ, ਜਿਸ ਨਾਲ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿਚੋਂ ਨਿਕਲੇ ਨੌਜਵਾਨ ਅੱਜ ਰਾਸ਼ਟਰੀ ਪੱਧਰ ’ਤੇ ਆਪਣੀ ਪਹਿਚਾਣ ਬਣਾ ਰਹੇ ਹਨ।
ਪ੍ਰਮੁੱਖ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਹੀ ਇਨਡੋਰ ਅਤੇ ਆਊਟਡੋਰ ਸਟੇਡੀਅਮ ਵਿਚ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਉਪਲਬੱਧ ਹਨ। ਇਸ ਲਈ ਨੌਜਵਾਨ ਖੇਡਾਂ ਨਾਲ ਜੁੜ ਕੇ ਰਿਸ਼ਟ-ਪੁਸ਼ਟ ਅਤੇ ਤੰਦਰੁਸਤ ਰਹਿ ਕੇ ਵੱਧ ਚੜ੍ਹ ਕੇ ਸੂਬੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਮਾਹਿਲਪੁਰ ਫੁੱਟਬਾਲ ਅਕਾਦਮੀ ਦਾ ਦੌਰਾ ਕਰਨ ਮੌਕੇ ਕਿਹਾ ਕਿ ਫੁੱਟਬਾਲ ਦੀ ਨਰਸਰੀ ਦੇ ਨਾਮ ਨਾਲ ਜਾਣੀ ਜਾਂਦੀ ਇਸ ਅਕਾਦਮੀ ਵਿਚ ਵਿਭਾਗ ਵਲੋਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।