ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 280976 ਮੀਟ੍ਰਿਕ ਟਨ ਝੋਨੇ ਦੀ ਆਮਦ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 280976 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 280843 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਬਦਲੇ ਹੁਣ ਤੱਕ ਕਿਸਾਨਾਂ ਨੂੰ 496.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 92 ਫੀਸਦੀ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 95419 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Advertisements

ਇਸੇ ਤਰ੍ਹਾਂ ਮਾਰਕਫੈਡ ਵਲੋਂ 66626, ਪਨਸਪ ਵਲੋਂ 47455, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 35773, ਐਫ.ਸੀ.ਆਈ. ਵਲੋਂ 33111 ਅਤੇ ਵਪਾਰੀਆਂ ਵਲੋਂ 2459 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਰੀਦੀ ਗਈ ਜਿਣਸ ਦੀ ਅਦਾਇਗੀ ਨਾਲੋ-ਨਾਲ ਕਰਨ ਦੀਆਂ ਹਦਾਇਤਾਂ ਨੂੰ ਖਰੀਦ ਏਜੰਸੀਆਂ ਵਲੋਂ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਲਿਫਟਿੰਗ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਨਾਲੋ-ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ।

LEAVE A REPLY

Please enter your comment!
Please enter your name here