ਕੈਬਨਿਟ ਮੰਤਰੀ ਸਰਾਰੀ ਵਲੋਂ 47ਵੀਂ ਸਬ ਜੂਨੀਅਰ ਰਾਸ਼ਟਰੀ ਯੋਗਾਸਨ ਚੈਂਪੀਅਨਸ਼ਿਪ ਦੀ ਸ਼ੁਰੂਆਤ

ਫ਼ਿਰੋਜ਼ਪੁਰ, (ਦ ਸਟੈਲਰ ਨਿਊਜ਼)। ਇਥੋਂ ਦੇ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਯੋਗਾ ਫੈਡਰੇਸ਼ਨ ਆਫ ਇੰਡੀਆ ਦੀ ਸਰਪ੍ਰਸਤੀ ਹੇਠ ਪੰਜਾਬ ਯੋਗਾ ਐਸੋਸੀਏਸ਼ਨ ਦੀ ਅਗਵਾਈ ਹੇਠ 47ਵੀਂ ਜੂਨੀਅਰ ਅਤੇ ਸਬ-ਜੂਨੀਅਰ ਨੈਸ਼ਨਲ ਯੋਗਾਸਨ ਚੈਂਪੀਅਨਸ਼ਿਪ ਦਾ ਆਗਾਜ਼ ਹੋਇਆ। ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੇ 33 ਤੋਂ ਵੱਧ ਰਾਜਾਂ ਅਤੇ ਕੇਂਦਰ ਪ੍ਰਸ਼ਾਸ਼ਿਤ ਪ੍ਰਦੇਸ਼ਾਂ ਦੇ ਪ੍ਰਤੀਭਾਗੀ/ਯੋਗਾ ਪ੍ਰੇਮੀ ਭਾਗ ਲੈ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ, ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ, ਐਸ.ਐਸ.ਪੀ. ਸੁਰਿੰਦਰ ਲਾਂਬਾ, ਐਸ.ਡੀ.ਐਮ. ਸ. ਰਣਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਚੈਂਪੀਅਨਸ਼ਿਪ ਦੀ ਸ਼ੁਰੂਆਤ ਮੌਕੇ ਵੱਖ-ਵੱਖ ਰਾਜਾਂ ਦੀਆਂ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਪ੍ਰਤੀਯੋਗੀਆਂ ਵਲੋਂ  ਯੋਗ ਆਸਣਾਂ ਰਾਹੀਂ ਡਾਂਸ ਪੇਸ਼ ਕਰਕੇ ਕਲਾ ਦੇ ਜੌਹਰ ਦਿਖਾਏ ਗਏ ਜਿਸ ਦੀ ਦਰਸ਼ਕਾ/ਮਹਿਮਾਨਾਂ ਨੇ ਭਰਪੂਰ ਪ੍ਰਸੰਸਾ ਕੀਤੀ।

Advertisements

ਆਪਣੇ ਸਵਾਗਤੀ ਭਾਸ਼ਣ ਵਿੱਚ ਪੰਜਾਬ ਯੋਗਾ ਐਸੋਸੀਏਸ਼ਨ ਦੇ ਪ੍ਰਧਾਨ ਡਾ: ਅਨਿਰੁਧ ਗੁਪਤਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਯੋਗਾ ਚੈਂਪੀਅਨਸ਼ਿਪ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਯੋਗ ਦਾ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ ਅਤੇ ਬੱਚਿਆਂ ਨੂੰ ਬਚਪਨ ਤੋਂ ਹੀ ਯੋਗਾ ਪ੍ਰਤੀ ਉਤਸ਼ਾਹਿਤ ਕਰਕੇ  ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਯੋਗਾ ਸਾਨੂੰ ਸਰੀਰਕ, ਮਾਨਸਿਕ ਅਤੇ ਬੌਧਿਕ ਤੌਰ ‘ਤੇ ਵਿਕਾਸ ਕਰਨ ਵਿੱਚ ਮਦਦ ਕਰਦਾ ਹੈ। ਉਨ੍ਹਾਂ ਯੋਗ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਵਿੱਚ ਅਜਿਹੀ ਯੋਗਾ ਚੈਂਪੀਅਨਸ਼ਿਪ ਕਰਵਾਉਣਾ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਯੋਗਾ ਪ੍ਰੇਮੀਆਂ ਦੇ ਸਨਮਾਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਇਹ ਚੈਂਪੀਅਨਸ਼ਿਪ ਉਨ੍ਹਾਂ ਦੀ ਜ਼ਿੰਦਗੀ ਭਰ ਲਈ ਅਮਿੱਟ ਛਾਪ ਬਣੀ ਰਹੇ। ਫੌਜਾ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਯੋਗਾ ਦੇ ਅਜਿਹੇ ਸ਼ਾਨਦਾਰ ਆਸਣ ਦੇਖੇ ਹਨ। ਉਨ੍ਹਾਂ ਯੋਗਾ ਖਿਡਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ।

ਵਿਧਾਇਕ ਰਜਨੀਸ਼ ਦਹੀਆ ਨੇ ਯੋਗੀਆਂ ਦੀ ਪ੍ਰਤਿਭਾ ਦੇਖ ਕੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਅਜਿਹੇ ਸ਼ਾਨਦਾਰ ਯੋਗ ਆਸਣ ਦੇਖੇ ਹਨ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿੱਚ ਪੂਰੇ ਦੇਸ਼ ਵਿੱਚੋਂ ਯੋਗੀਆਂ ਦੇ ਆਉਣ ਨਾਲ ਉਨ੍ਹਾਂ ਦੇ ਮਨ ਵਿੱਚ ਜੋ ਖੁਸ਼ੀ ਆਈ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਸ ਚੈਂਪੀਅਨਸ਼ਿਪ ਲਈ ਪ੍ਰਧਾਨ ਡਾ.ਅਨਿਰੁਧ ਗੁਪਤਾ ਨੂੰ ਵਧਾਈ ਦਿੱਤੀ। ਸ੍ਰੀ ਦਹੀਆ ਨੇ ਕਿਹਾ ਕਿ ਐਸੋਸੀਏਸ਼ਨ ਨੇ ਸਰਹੱਦੀ ਜ਼ਿਲ੍ਹੇ ਵਿੱਚ ਯੋਗਾ ਦੀ ਕੌਮੀ ਪੱਧਰ ਦੀ ਚੈਂਪੀਅਨਸ਼ਿਪ ਕਰਵਾ ਕੇ ਜ਼ਿਲ੍ਹੇ ਦਾ ਪੂਰੇ ਦੇਸ਼ ਵਿੱਚ ਨਾਮ ਰੌਸ਼ਨ ਕੀਤਾ ਹੈ।

ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਵੱਖ-ਵੱਖ ਰਾਜਾਂ ਤੋਂ ਆਏ ਯੋਗ ਪ੍ਰੇਮੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਯੋਗ ਆਤਮਾ ਨੂੰ ਪਰਮਾਤਮਾ ਨਾਲ ਜੋੜਨ ਦਾ ਸਾਧਨ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਨ੍ਹਾਂ ਬੱਚਿਆਂ ਤੋਂ ਪ੍ਰੇਰਨਾ ਲੈ ਕੇ ਯੋਗਾ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਰੋਗ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਯੋਗਾ ਫੈਡਰੇਸ਼ਨ ਦੇ ਚੇਅਰਮੈਨ ਅਸ਼ੋਕ ਅਗਰਵਾਲ ਨੇ ਦੱਸਿਆ ਕਿ 29 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਅੰਡਰ-8 ਤੋਂ 10, ਅੰਡਰ-10 ਤੋਂ 12 ਅਤੇ ਅੰਡਰ-10 ਦੇ ਪੁਰਸ਼ ਅਤੇ ਮਹਿਲਾ ਯੋਗਾ ਵਿਦਿਆਰਥੀਆਂ ਵਿਚਕਾਰ ਯੋਗਾ ਆਸਣ ਮੁਕਾਬਲੇ ਹੋਣਗੇ। 30 ਅਕਤੂਬਰ ਨੂੰ ਅੰਡਰ-14 ਤੋਂ 16, ਅੰਡਰ-16 ਤੋਂ 18 ਪੁਰਸ਼-ਮਹਿਲਾ ਯੋਗੀਆਂ ਦੀ ਚੈਂਪੀਅਨਸ਼ਿਪ ਮੁਕਾਬਲੇ ਹੋਣਗੇ। 31 ਅਕਤੂਬਰ ਨੂੰ ਸਾਰੇ ਰਾਜਾਂ ਦੇ ਯੋਗਾ ਵਿਦਿਆਰਥੀਆਂ ਵੱਲੋਂ ਮਾਸ ਯੋਗਾਸਨ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਜਾਣਗੇ।

ਅੰਤ ਵਿੱਚ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੇ ਗੁਬਾਰੇ ਅਤੇ ਕਬੂਤਰ ਉਡਾ ਕੇ ਚੈਂਪੀਅਨਸ਼ਿਪ ਦੀ ਸਫਲਤਾ ਦੀ ਕਾਮਨਾ ਕੀਤੀ। ਇਸ ਮੌਕੇ ਯੋਗਾ ਫੈਡਰੇਸ਼ਨ ਦੀ ਪ੍ਰਧਾਨ ਇੰਦੂ ਅਗਰਵਾਲ, ਜ਼ਿਲ੍ਹਾ ਸਿੱਖਿਆ ਅਫਸਰ ਚਮਕੌਰ ਸਿੰਘ, ਸਕੱਤਰ ਰੈੱਡ ਕਰਾਸ ਸੁਸਾਇਟੀ ਅਸ਼ੋਕ ਬਹਿਲ,  ਵਿਪੁਲ ਨਾਰੰਗ, ਡਾ: ਜੀ.ਐਸ.ਢਿਲੋਂ, ਡਾ: ਸਤਿੰਦਰ ਸਿੰਘ,  ਡਾ: ਗੁਰਨਾਮ ਸਿੰਘ, ਫਰਮਾਹ, ਮਨਜੀਤ ਸਿੰਘ ਢਿੱਲੋਂ, ਡਾ: ਸਲੀਨ, ਵਿਕਰਮਾਦਿਤਿਆ ਸ਼ਰਮਾ, ਅਭਿਨਵ ਜੋਸ਼ੀ, ਸਾਬਕਾ ਡੀਈਓ ਨਰੇਸ਼ ਕੁਮਾਰ, ਦੀਪਕ ਸ਼ਰਮਾ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here