ਧੀਆਂ ਨੂੰ ਸਮਾਜ ਵਿੱਚ ਬਣਦਾ ਰੁਤਬਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਜਾਗਰੂਕਤਾ ਅਭਿਆਨ ਨੂੰ ਤੇਜ਼ ਕੀਤਾ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਧੀਆਂ ਨੂੰ ਸਮਾਜ ਵਿੱਚ ਬਣਦਾ ਰੁਤਬਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਤਹਿਤ ਸਮਾਜ ਨੂੰ ਜਾਗਰੂਕ ਕਰਨ ਇੱਕ ਵਾਰ ਫਿਰ ਤੋਂ ਹੰਭਲਾ ਮਾਰਿਆ ਜਾਵੇਗਾ। ਇਸ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸੈਲਫੀ ਵਿਦ ਡਾੱਟਰ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹਾ ਵਾਸੀ ਆਪਣੀਆਂ ਧੀਆਂ ਨਾਲ ਸੈਲਫੀ ਸੋਸਲ ਮੀਡੀਆ ’ਤੇ ਪਾਉਣਗੇ। ‘ਸੈਲਫੀ ਵਿਦ ਡਾੱਟਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਵੀ ਆਪਣੀਆਂ ਧੀਆਂ ਨਾਲ ਸੈਲਫੀ ਸੋਸਲ ਮੀਡੀਆ ’ਤੇ ਪੋਸਟ ਕਰਨਗੇ।

Advertisements

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਆਪਣੇ ਦਫ਼ਤਰ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਧੀਆਂ ਨੂੰ ਅੱਗੇ ਵੱਧਣ ਲਈ ਸਾਜ਼ਗਾਰ ਮਾਹੌਲ ਸਿਰਜਿਆ ਜਾਵੇ ਅਤੇ ਧੀਆਂ ਨੂੰ ਅੱਗੇ ਵੱਧਣ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਆਪਣੀਆਂ ਧੀਆਂ ਉੱਪਰ ਮਾਣ ਹੁੰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੀਆਂ ਪੱਖੀ ਮਾਹੌਲ ਸਿਰਜਣ ਲਈ ‘ਸੈਲਫੀ ਵਿਦ ਡਾੱਟਰ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਆਪਣੇ ਨਾਲ ਆਪਣੀ ਧੀ ਦੀ ਸੈਲਫੀ ਪੋਸਟ ਕਰਨ ਸਮੇਂ ਹੈਸ਼ਟੇਗ #betibachaobetipadaogurdaspur ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਵੀ ਆਪਣੀਆਂ ਧੀਆਂ ਨਾਲ ਸੈਲਫੀ ਪੋਸਟ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਖਬਾਰਾਂ ਵਿੱਚ ਵੀ ‘ਸੈਲਫੀ ਵਿਦ ਡਾੱਟਰ’ ਸ਼ੁਰੂ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਦੀ ਕਾਮਯਾਬੀ ਨੂੰ ਸਮਾਜ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਔਰਤਾਂ ਦੀ ਸੂਚੀ ਵੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਸੈਮੀਨਾਰ ਅਤੇ ਵਿਚਾਰ ਗੋਸ਼ਟੀਆਂ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਖਤੀ ਵਰਤੀ ਜਾ ਰਹੀ ਹੈ ਅਤੇ ਅਜਿਹੇ ਗੈਰ ਮਨੁੱਖੀ ਕੰਮ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਆਂਗਨਵਾੜੀ ਕੇਂਦਰ ਵਿੱਚ ਗੁੱਡਾ-ਗੁੱਡੀ ਬੋਰਡ ਲਗਾਏ ਜਾਣਗੇ ਜਿਸ ਉੱਪਰ ਉਸ ਇਲਾਕੇ ਦਾ ਲਿੰਗ ਅਨੁਪਾਤ ਲਿਖਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਾਲ ਵਿਆਹ ਦੀ ਕੁਰੀਤੀ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਬਾਲ ਵਿਆਹ ਨੂੰ ਰੋਕਿਆ ਜਾ ਸਕੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਲੜਕੀਆਂ ਨੂੰ ਆਤਮ ਰੱਖਿਆ ਦੀ ਸਿਖਲਾਈ ਦੇਣ ਲਈ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦੇ ਨਾਮ ’ਤੇ ਉਨ੍ਹਾਂ ਕੋਲੋਂ ਪੌਦੇ ਲਗਵਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਹਰ 15 ਦਿਨਾਂ ਬਾਅਦ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ, ਨਹਿਰੂ ਯੁਵਾ ਕੇਂਦਰ ਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਸੰਦੀਪ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਰਵੀ ਦਾਰਾ, ਜ਼ਿਲ੍ਹਾ ਖੇਡ ਅਫ਼ਸਰ ਸ. ਸੁਖਚੈਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here