ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ 

ਗੁਰਦਾਸਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਨਰੇਗਾ ਯੋਜਨਾ ਤਹਿਤ ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸੜਕਾਂ ਚੌੜੀਆਂ ਹੋਣ ਨਾਲ ਰਾਹਗੀਰਾਂ ਨੂੰ ਸਹੂਲਤ ਮਿਲਣ ਦੇ ਨਾਲ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ ਪਹਿਲ ਦੇ ਅਧਾਰ ’ਤੇ ਇਸ ਕੰਮ ਨੂੰ ਨੇਪਰੇ ਚਾੜਿਆ ਜਾਵੇ। ਡਿਪਟੀ ਕਮਿਸ਼ਨਰ ਅੱਜ ਆਪਣੇ ਦਫ਼ਤਰ ਵਿੱਚ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਪਾਰਕਾਂ ਅਤੇ ਥਾਪਰ ਮਾਡਲ ਤਹਿਤ ਵਿਕਸਤ ਕੀਤੇ ਛੱਪੜਾਂ ਨੂੰ ਖੂਬਸੂਰਤ ਦਿੱਖ ਦਿੱਤੀ ਜਾਵੇ ਤਾਂ ਜੋ ਪਿੰਡਾਂ ਦੇ ਲੋਕ ਇਨ੍ਹਾਂ ਥਾਵਾਂ ਨੂੰ ਸੈਰ ਅਤੇ ਬੱਚੇ ਖੇਡਾਂ ਲਈ ਵਰਤ ਸਕਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੀ ਪਾਰਕਾਂ ਵਿੱਚ ਆਪਣੀਆਂ ਗਤੀਵਿਧੀਆਂ ਕਰਿਆ ਕਰਨ ਤਾਂ ਜੋ ਪਾਰਕਾਂ ਦੀ ਸਾਫ਼-ਸਫ਼ਾਈ ਤੇ ਰੱਖ-ਰਖਾਵ ਹੁੰਦਾ ਰਹੇ।

Advertisements

ਉਨਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਨਾਂ ਮੀਟਿੰਗ ਵਿੱਚ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕਰਵਾਇਆ ਜਾਵੇ। ਉਨਾਂ ਕਿਹਾ ਕਿ ਹਰ ਪਿੰਡ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਮਨਰੇਗਾ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿੱਚ ਤੇਜੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨਾਂ ਕਿਹਾ ਕਿ ਪੰਚਾਇਤਾਂ ਵੱਲੋਂ ਜਿਹੜੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ ਉਨਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ ਅਤੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ ਨੇ ਪੰਚਾਇਤ ਵਿਭਾਗ ਦੀ ਪ੍ਰਗਤੀ ਰੀਪੋਰਟ ਪੇਸ਼ ਕਰਦਿਆਂ ਜ਼ਿਲ੍ਹੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਅਤੇ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਬੀ.ਡੀ.ਪੀ.ਓਜ਼ ਹਾਜ਼ਰ ਸਨ।

LEAVE A REPLY

Please enter your comment!
Please enter your name here