ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ’ਤੇ ਰਾਜ ਭਰ ’ਚ 31 ਅਕਤੂਬਰ ਤੋਂ 13 ਨਵੰਬਰ ਤੱਕ ਚਲਾਈ ਜਾ ਰਹੀ ਇਸ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡ ਤੇ ਸ਼ਹਿਰ ਕਵਰ ਕੀਤੇ ਜਾ ਰਹੇ ਹਨ। ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ / ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ / ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜ਼ੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ, ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 3,00,000/-ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ।

Advertisements

ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਉਪ-ਮੰਡਲ, ਜ਼ਿਲ੍ਹਾ, ਹਾਈ ਕੋਰਟ ਜਾਂ ਸੁਪਰੀਮ ਕੋਰਟ ਪੱਧਰ ਤੇ ਦੀਵਾਨੀ, ਫੌਜਦਾਰੀ, ਮਾਲ ਦੀਆਂ ਕਚਹਿਰੀਆਂ ਵਿੱਚ ਵਕੀਲ ਦੀਆਂ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਸਰਕਾਰ ਵੱਲੋਂ ਅਦਾਇਗੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਚੋਲਗੀ (ਸਾਲਸ) ਅਤੇ ਲੋਕ ਅਦਾਲਤ ਰਾਹੀਂ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਾਤੀ/ਮੁਜ਼ਰਿਮ ਨੂੰ ਰਿਮਾਂਡ ਦੌਰਾਨ ਵਕੀਲ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਂਦੀ ਹਨ। ਕਾਨੂੰਨੀ ਸਹਾਇਤਾ ਲੈਣ ਦੇ ਤਰੀਕੇ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਿਤ ਫਾਰਮੇ ਤੇ ਜੋ ਅਥਾਰਟੀ ਵਲੋਂ ਮੁਫਤ ਮੁਹੱਈਆਂ ਕਰਵਾਇਆ ਜਾਂਦਾ ਹੈ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਜ਼ਿਲ੍ਹਾ ਪੱਧਰ ’ਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਉਪ-ਮੰਡਲ ਪੱਧਰ ਤੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਦੇ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਦੱਸਿਆ ਕਿ ਹਰ ਤਰਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ), ਮੋਟਰ ਐਕਸੀਡੈਂਟ ਕੇਸ, ਜਾਇਦਾਦ ਸਬੰਧੀ ਮਾਮਲੇ ਦੇ ਝਗੜੇ, ਹਿਰਾਸਤ ਸਬੰਧੀ ਕੇਸ, ਨੌਕਰੀ ਸਬੰਧੀ ਮਾਮਲੇ, ਫੌਜਦਾਰੀ ਕੇਸ, ਅਪੀਲ, ਰਿਟ, ਰਿਵਿਊ, ਰਵੀਜ਼ਨ ਆਦਿ, ਲੇਬਰ ਕੋਰਟ ਕੇਸ, ਇਜਰਾਵਾਂ, ਹੋਰ ਅਦਾਲਤਾਂ, ਕਮਿਸ਼ਨਰਾਂ ਅਤੇ ਟ੍ਰਿਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿਤ ਜੁੜਿਆ ਹੋਵੇ ਲਈ ਮੁਫ਼ਤ ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here