ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਲਾਈਟ ਐਂਡ ਸਾਊਂਡ ਸਮਾਗਮ ਦੀਆਂ ਤਿਆਰੀਆਂ ਅਰੰਭ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 242ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਸ਼ਹਿਰ ਵਿਖੇ ਕਰਵਾਏ ਜਾਣ ਵਾਲੇ ‘ਲਾਈਟ ਐਂਡ ਸਾਊਂਡ’ ਪ੍ਰੋਗਰਾਮ ਸਬੰਧੀ ਤਿਆਰੀਆਂ ਅਰੰਭ ਕਰ ਦਿੱਤੀਆਂ ਗਈਆਂ ਹਨ। ਲਾਈਟ ਐਂਡ ਸਾਊਂਡ ਦਾ ਇਹ ਪ੍ਰੋਗਰਾਮ 12 ਨਵੰਬਰ ਦੀ ਸ਼ਾਮ ਨੂੰ ਬਟਾਲਾ ਦੀ ਸੁਭਾਸ਼ ਪਾਰਕ ਵਿਖੇ ਹੋਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਐੱਸ.ਡੀ.ਐੱਮ. ਬਟਾਲਾ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾਵੇਗਾ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਨਾਲ ਸਬੰਧਤ ਲਾਈਟ ਐਂਡ ਸਾਊਂਡ ਦਾ ਪ੍ਰੋਗਰਾਮ ਨਾਟ ਸ਼੍ਰੋਮਣੀ ਸ੍ਰੀ ਕੇਵਲ ਧਾਲੀਵਾਲ ਵੱਲੋਂ ਨਿਰਦੇਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਭਾਸ਼ ਪਾਰਕ ਵਿੱਚ ਦੇਰ ਸ਼ਾਮ ਹੋਣ ਵਾਲਾ ਲਾਈਟ ਐਂਡ ਸਾਊਂਡ ਦਾ ਇਹ ਪ੍ਰੋਗਰਾਮ ਆਪਣੇ ਆਪ ਵਿੱਚ ਨਿਵੇਕਲਾ ਹੋਵੇਗਾ ਅਤੇ ਦਰਸ਼ਕਾਂ ਦੇ ਮਨਾਂ ਉੱਪਰ ਡੂੰਘੀ ਛਾਪ ਛੱਡੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਉੱਘੇ ਇਤਿਹਾਸਕਾਰਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਉੱਪਰ ਚਾਨਣਾ ਪਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬਟਾਲਾ ਸ਼ਹਿਰ ਨਾਲ ਬਹੁਤ ਗੂੜ੍ਹਾ ਸਬੰਧ ਰਿਹਾ ਹੈ ਅਤੇ ਉਨ੍ਹਾਂ ਦੀ ਪਹਿਲੀ ਸ਼ਾਦੀ ਕਨ੍ਹਈਆ ਮਿਸਲ ਦੀ ਸਰਦਾਰਨੀ ਸਦਾ ਕੌਰ ਦੀ ਸਪੁੱਤਰੀ ਮਹਿਤਾਬ ਕੌਰ ਨਾਲ ਬਟਾਲਾ ਸ਼ਹਿਰ ਵਿਖੇ ਹੋਈ ਸੀ। ਉਨ੍ਹਾਂ ਕਿਹਾ ਕਿ ਜਿਸ ਪਾਰਕ ਵਿੱਚ ਇਹ ਸਮਾਗਮ ਹੋ ਰਿਹਾ ਹੈ ਓਥੇ ਮਹਾਰਾਜਾ ਰਣਜੀਤ ਸਿੰਘ ਅਕਸਰ ਆਉਂਦੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਇਸ ਸਾਰੇ ਸਮਾਗਮ ਵਿੱਚ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਗੁਰਦਾਸਪੁਰ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਸ਼ਾਮ ਨੂੰ ਇਸ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਜਰੂਰ ਸ਼ਾਮਲ ਹੋਣ।

ਦੱਸਣਯੋਗ ਹੈ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਅਮੀਰ ਇਤਿਹਾਸਕ ਅਤੇ ਧਾਰਮਿਕ ਵਿਰਸੇ ਨੂੰ ਉਭਾਰਨ ਦੇ ਯਤਨ ਲਗਾਤਾਰ ਜਾਰੀ ਹਨ। ਸੁਸਾਇਟੀ ਵੱਲੋਂ ਇਸੇ ਸਾਲ 29 ਜੂਨ ਨੂੰ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ ਗਈ ਸੀ ਅਤੇ 12 ਨਵੰਬਰ ਨੂੰ ਪਹਿਲੀ ਵਾਰ ਬਟਾਲਾ ਸ਼ਹਿਰ ਵਿਖੇ ਸ਼ੇਰੇ ਪੰਜਾਬ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here