ਖੇਡਾਂ ਖਿਡਾਰੀਆਂ ਦੇ ਸਰੀਰਿਕ ਤੇ ਮਾਨਸਿਕ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ: ਸਰਾਰੀ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਇੱਥੋਂ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2022 ਦਾ ਆਗਾਜ਼ ਕੀਤਾ ਗਿਆ ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਖੇਡਾਂ ਸਾਡੇ ਸਰੀਰਿਕ ਤੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ । ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਬਲਾਕ ਤੇ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਨਾਲ ਖੇਡਾਂ ਨੁੰ ਉਤਸ਼ਾਹਿਤ ਕਰਨ ਤੇ ਖਿਡਾਰੀਆਂ ਨੂੰ ਵੱਡੀਆਂ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪ੍ਰਾਇਮਰੀ ਖੇਡਾਂ ਦੇ ਆਯੋਜਨ ਲਈ ਸਿੱਖਿਆ ਵਿਭਾਗ ਤੇ ਸਮੂਹ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਆਰਥਿਕ ਤੰਗੀਆਂ ਦੇ ਬਾਵਜੂਦ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਕਰਕੇ ਖਿਡਾਰੀਆਂ ਨੁੰ ਉਤਸ਼ਾਹਿਤ ਕੀਤਾ। ਉਨ੍ਹਾਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਖਿਡਾਰੀਆਂ ਲਈ ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

Advertisements

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਥਾਪਤੀ ਸਮੇਂ ਤੋਂ ਹੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ‘ ਵਰਗੇ ਵੱਡੇ ਈਵੈਂਟ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਤੇ ਅਜਿਹੇ ਟੂਰਨਾਮੈਂਟ ਛੋਟੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਵਿੱਚ ਵੀ ਵੱਡੇ ਪਲੇਟਫਾਰਮ ਮੁਹੱਈਆ ਕਰਾਉਣਗੇ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਨਾਲ ਖੇਡਾਂ ਦੀ ਨਰਸਰੀ ਤਿਆਰ ਹੋਵੇਗੀ ਤੇ ਇਹ ਖਿਡਾਰੀ ਰਾਜ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮਨਾ ਖੱਟ ਕੇ ਆਪਣਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।

ਇਸ ਮੌਕੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਤੇ ਮੁੱਖ ਮਹਿਮਾਨ ਨੇ ਮਾਰਚ ਪਾਸਟ ਦੀ ਸਲਾਮੀ ਲਈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੀਵ ਛਾਬੜਾ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਅਧਿਆਪਕ ਹਰਿੰਦਰ ਭੁੱਲਰ ਵੱਲੋਂ ਸਟੇਜ ਸੰਚਾਲਨ ਬਖੂਬੀ ਕੀਤਾ ਗਿਆ। ਇਸ ਮੌਕੇ ਬੀ.ਪੀ.ਓ. ਸ. ਅਮ੍ਰਿਤਪਾਲ ਸਿੰਘ ਬਰਾੜ, ਮੈਡਮ ਸੁਮਨਦੀਪ ਕੌਰ, ਰਣਜੀਤ ਸਿੰਘ, ਰਾਜਨ ਨਰੂਲਾ, ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਜਿਲ੍ਹੇ ਦੇ ਅਧਿਆਪਕ ਤੇ ਵਿਦਿਆਰਥੀ ਖਿਡਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here