ਕੌਂਸਲਰ ਪਰਮਜੀਤ ਕੌਰ ਨੂੰ ਦਿੱਤੀ ਗਈ ਅੰਤਿਮ ਵਿਦਾਇਗੀ


ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਵਾਰਡ ਨੰਬਰ 7 ਦੀ ਕੌਂਸਲਰ ਪਰਮਜੀਤ ਕੌਰ ਦਾ ਬੀਤੇ ਦਿਨ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਬੁਲਾਵਾੜੀ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਗਿਆ ਅਤੇ ਇਸ ਦੁੱਖ ਦੀ ਘੜੀ ਵਿਚ ਜਿਥੇ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਮੇਅਰ ਸੁਰਿੰਦਰ ਕੁਮਾਰ ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ, ਉਥੇ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਸਵ: ਪਰਮਜੀਤ ਕੌਰ ਆਪਣੇੇ ਵਾਰਡ ਨੰਬਰ 7 ਦੇ ਵਿਕਾਸ ਲਈ ਹਮੇਸ਼ਾ ਤੱਤਪਰ ਸਨ ਅਤੇ ਸਖਤ ਮਿਹਨਤ ਨਾਲ ਜਨਤਾ ਦੀ ਸੇਵਾ ਕੀਤੀ। ਉਨ੍ਹਾਂ ਦੇ ਪਤੀ ਸ਼੍ਰੀ ਸੁਰੇਸ਼ ਕੁਮਾਰ ਵੀ ਕੌਂਸਲਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇੇ ਚੁੱਕੇ ਹਨ। ਉਨ੍ਹਾਂ ਅਰਦਾਸ ਕਰਦੇ ਹੋਏ ਕਿਹਾ ਕਿ ਪਰਮਾਤਮਾ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ।

Advertisements


ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਪਰਮਜੀਤ ਕੌਰ ਦਾ ਬੇਵਕਤੀ ਵਿਛੋੜਾ ਪਰਿਵਾਰ, ਵਾਰਡ ਵਾਸੀਆਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਵਾਰਡ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 8 ਨਵੰਬਰ ਨੂੰ ਦੁਪਹਿਰ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਲਾਚੋਵਾਲ ਦੇ ਨੇੜੇ ਸੜਕ ਹਾਦਸੇ ਵਿਚ ਕੌਂਸਲਰ ਪਰਮਜੀਤ ਕੌਰ ਦੀ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਪਤੀ ਸਾਬਕਾ ਕੌਂਸਲਰ ਸੁਰੇਸ਼ ਕੁਮਾਰ ਜ਼ਖਮੀ ਹੋ ਗਏ ਸਨ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧਾਂ ਨੇ ਵੀ ਪਰਮਜੀਤ ਕੌਰ ਦੇ ਸਸਕਾਰ ਵਿਚ ਸ਼ਾਮਲ ਹੋ ਕੇ ਅੰਤਿਮ ਵਿਦਾਇਗੀ ਦਿੱਤੀ।

LEAVE A REPLY

Please enter your comment!
Please enter your name here