ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਕੀਤਾ ਰੀਵਿਊ

ਗੁਰਦਾਸਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨਾਂ ਕਿਹਾ ਕਿ ਪੰਚਾਇਤਾਂ ਵੱਲੋਂ ਜਿਹੜੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ ਉਨਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਮਨਰੇਗਾ ਯੋਜਨਾ ਤਹਿਤ ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੇ ਕੰਮ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸੜਕਾਂ ਚੌੜੀਆਂ ਹੋਣ ਨਾਲ ਰਾਹਗੀਰਾਂ ਨੂੰ ਸਹੂਲਤ ਮਿਲਣ ਦੇ ਨਾਲ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ।

Advertisements

ਇਸ ਤੋਂ ਇਲਾਵਾ ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਸਬੰਧੀ ਪੰਚਾਇਤ ਵਿਭਾਗ ਵੱਲੋਂ ਕੀਤੀ ਕਾਰਗੁਜ਼ਾਰੀ ਦੀ ਪੜਚੋਲ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਪਾਰਕਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਦਾ ਹਰ ਹਫ਼ਤੇ ਰੀਵਿਊ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਨਾਂ ਮੀਟਿੰਗ ਵਿੱਚ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕਰਵਾਇਆ ਜਾਵੇ। ਉਨਾਂ ਕਿਹਾ ਕਿ ਹਰ ਪਿੰਡ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਪੰਚਾਇਤ ਵਿਭਾਗ ਦੀ ਪ੍ਰਗਤੀ ਰੀਪੋਰਟ ਪੇਸ਼ ਕਰਦਿਆਂ ਜ਼ਿਲੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਅਤੇ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਬੀ.ਡੀ.ਪੀ.ਓਜ਼ ਹਾਜ਼ਰ ਸਨ।

LEAVE A REPLY

Please enter your comment!
Please enter your name here