ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 384178 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਹੁਸ਼ਿਆਰਪੁਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 384178 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 384172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਖਰੀਦ ਬਦਲੇ ਹੁਣ ਤੱਕ ਕਿਸਾਨਾਂ ਨੂੰ 757.26 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਲਿਫਟਿੰਗ ਦਾ ਕੰਮ ਵੀ ਨਾਲੋ-ਨਾਲ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 98 ਫੀਸਦੀ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 126569 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Advertisements

ਇਸੇ ਤਰ੍ਹਾਂ ਮਾਰਕਫੈਡ ਵਲੋਂ 87566, ਪਨਸਪ ਵਲੋਂ 64343, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 50530, ਐਫ.ਸੀ.ਆਈ. ਵਲੋਂ 52249 ਅਤੇ ਵਪਾਰੀਆਂ ਵਲੋਂ 2915 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਰੀਦੀ ਗਈ ਜਿਣਸ ਦੀ ਅਦਾਇਗੀ ਨਾਲੋ-ਨਾਲ ਕਰਨ ਦੀਆਂ ਹਦਾਇਤਾਂ ਨੂੰ ਖਰੀਦ ਏਜੰਸੀਆਂ ਵਲੋਂ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਲਿਫਟਿੰਗ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਨਾਲੋ-ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।

LEAVE A REPLY

Please enter your comment!
Please enter your name here