ਗੁਰਦਾਸਪੁਰ, (ਦ ਸਟੈਲਰ ਨਿਊਜ਼)। “ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ” ਵੱਲੋਂ ਅੱਜ ਆਪਣਾ 16ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਸ਼ਾਮਿਲ ਹੋਏ। ਸਮਾਗਮ ਦੌਰਾਨ ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 16ਵੇਂ ਲਾਭ ਵੰਡ ਸਮਾਗਮ ਦੀ ਵਧਾਈ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਹ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਬੜੀ ਸਫਲਤਾ ਨਾਲ ਚੱਲ ਰਹੀ ਹੈ। ਇਸਦੀ ਖਾਸ ਗੱਲ ਇਹ ਹੈ ਕਿ ਯੂਨੀਅਨ ਦਾ ਜੋ ਵੀ ਲਾਭ ਹੁੰਦਾ ਹੈ ਉਸਨੂੰ ਆਪਣੇ ਮੈਂਬਰਾਂ ਤੇ ਕਿਰਤੀਆਂ ਵਿੱਚ ਵੰਡਿਆਂ ਜਾਂਦਾ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਰਹਿਤ ਸਾਜ਼ਗਾਰ ਮਹੌਲ ਤਿਆਰ ਕਰ ਰਹੀ ਹੈ ਤਾਂ ਜੋ ਸੂਬੇ ਵਿੱਚ ਕਾਰੋਬਾਰ ਅਤੇ ਵਪਾਰ ਸਮੇਤ ਹਰ ਖੇਤਰ ਦਾ ਕੰਮ-ਕਾਜ ਵਧੇ-ਫੁੱਲੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਵਿਭਾਗਾਂ ਵਿੱਚ ਕਰਵਾਏ ਜਾਂਦੇ ਵਿਕਾਸ ਕਾਰਜਾਂ ਵਿੱਚ ਸਹਿਕਾਰੀ ਕਿਰਤ ਯੂਨੀਅਨਾਂ ਨੂੰ ਵੱਧ ਤੋਂ ਵੱਧ ਮੌਕਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਯੂਨੀਅਨ ਮੈਂਬਰਾਂ ਨੂੰ ਭਰੋਸਾ ਦਿੱਤਾ ਉਨ੍ਹਾਂ ਦੀਆਂ ਜੋ ਵੀ ਮੰਗਾਂ ਹਨ ਉਹ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਵਿਭਾਗ ਰਾਹੀਂ ਰਜਿਸਟਰਡ ਕਰਕੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੁਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਮੈਂਬਰ ਅਜੇ ਤੱਕ ਉਸਾਰੀ ਮਜ਼ਦੂਰ ਬੋਰਡ ਨਾਲ ਰਜਿਸਟਰਡ ਨਹੀਂ ਹੋਏ ਤਾਂ ਉਹ ਕਿਰਤ ਵਿਭਾਗ ਦੇ ਦਫ਼ਤਰ ਜਾ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀ ਬਹਿਲ ਨੇ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ। ਸਮਾਗਮ ਦੌਰਾਨ “ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ” ਦੇ ਚੇਅਰਮੈਨ ਬਲਵੰਤ ਸਿੰਘ, ਵਾਇਸ ਚੇਅਰਮੈਨ ਭੁਪਿੰਦਰਜੀਤ ਸਿੰਘ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ, ਮੈਨੇਜਰ ਪ੍ਰੇਮ ਮਸੀਹ, ਨੀਰਜ ਸਲਹੋਤਰਾ, ਸੁਖਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਗੌਂਸਲ, ਪ੍ਰੇਮ ਸਿੰਘ ਤੋਂ ਇਲਾਵਾ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।