ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪਿਛਲੇ 25 ਹਫ਼ਤਿਆਂ ਤੋਂ ਸਰਹੱਦੀ ਪਿੰਡਾਂ ਵਿੱਚ ਲਗਾਤਾਰ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦੀ ਸ਼ੁਰੂਆਤ 16 ਮਈ 2022 ਨੂੰ ਕੀਤੀ ਗਈ ਸੀ ਅਤੇ ਪਿਛਲੇ 25 ਹਫ਼ਤਿਆਂ ਤੋਂ ਦੋ ਵੱਖ-ਵੱਖ ਮੈਡੀਕਲ ਟੀਮਾਂ ਵੱਲੋਂ ਲਗਾਤਾਰ ਸਰਹੱਦੀ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ।  

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਨ੍ਹਾਂ ਮੈਡੀਕਲ ਕੈਂਪਾਂ ਦਾ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਦੱਸਿਆ ਕਿ 16 ਮਈ 2022 ਤੋਂ 12 ਨਵੰਬਰ 2022 ਤੱਕ ਸਰਹੱਦੀ ਪਿੰਡਾਂ ਦੇ 19294 ਵਿਅਕਤੀਆਂ ਨੇ ਇਨ੍ਹਾਂ ਮੁਫ਼ਤ ਮੈਡੀਕਲ ਕੈਂਪਾਂ ਵਿੱਚ ਪਹੁੰਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਨਾਲ ਹੀ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਕੈਂਪ ਲਗਾਉਣ ਦਾ ਪ੍ਰੋਗਰਾਮ ਹਫ਼ਤਾ ਪਹਿਲਾਂ ਤਿਆਰ ਕਰ ਲਿਆ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਪਤਾ ਲੱਗ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਰਹੱਦੀ ਕੈਂਪਾਂ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ ਅਤੇ ਉਨ੍ਹਾਂ ਮਰੀਜ਼ਾਂ ਨੂੰ ਹੋਇਆ ਹੈ ਜੋ ਆਪਣੇ ਇਲਾਜ ਲਈ ਆਪਣੇ ਪਿੰਡੋਂ ਚੱਲ ਕੇ ਦੂਰ ਸ਼ਹਿਰਾਂ ਦੇ ਹਸਪਤਾਲਾਂ ਤੱਕ ਪਹੁੰਚ ਨਹੀਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਇਹ ਸਿਲਸਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਓਧਰ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉੱਦਮ ਦੀ ਸਰਾਹਨਾ ਕੀਤੀ ਹੈ। ਪਿੰਡ ਸ਼ਹਿਜ਼ਾਦਾ ਕਲਾਂ ਦੇ ਵਸਨੀਕ ਮੰਗਲ ਸਿੰਘ ਬਾਜਵਾ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਲੱਗਣ ਨਾਲ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਪਿੰਡ ਹੀ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਧੰਨਵਾਦੀ ਹਨ।

LEAVE A REPLY

Please enter your comment!
Please enter your name here