Thursday, November 5, 2026
Home Punjab ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕਰਵਾਇਆ ਜਾ ਰਿਹਾ ਰਾਜ ਪੱਧਰੀ ਸਮਾਗਮ

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕਰਵਾਇਆ ਜਾ ਰਿਹਾ ਰਾਜ ਪੱਧਰੀ ਸਮਾਗਮ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)।  ਪੰਜਾਬ ਸਰਕਾਰ ਦੁਆਰਾ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਮਾਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਵੰਬਰ ਦੇ ਮਹੀਨੇ ‘ਪੰਜਾਬੀ ਮਾਹ – 2022’ ਦੇ ਅਧੀਨ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿੱਚ ਸੱਤ ਸਮਾਗਮ ਰਾਜ ਪੱਧਰੀ ਹਨ, ਜਿਨ੍ਹਾਂ ਵਿੱਚੋਂ 2 ਸਮਾਗਮ ਮੁੱਖ ਦਫ਼ਤਰ, ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਅੰਮ੍ਰਿਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੀ ਰਾਜ ਪੱਧਰੀ ਸਮਾਗਮ (ਨਾਟਕ ਮੇਲਾ) 21 ਨਵੰਬਰ 2022 -ਨੂੰ ਸਵੇਰੇ 10:30 ਵਜੇ ਜੈਨਸਿਸ ਡੈਂਟਲ ਕਾਲਜ ਫ਼ਿਰੋਜ਼ਪੁਰ ਵਿਖੇ ਕਰਵਾਇਆ ਜਾਵੇਗਾ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਜਗਦੀਪ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸਾਰਥਕ ਰੰਗ-ਮੰਚ ਪਟਿਆਲਾ ਵੱਲੋਂ ਡਾ. ਲੱਖਾ ਲਹਿਰੀ ਦੀ ਨਿਰਦੇਸ਼ਨਾ ਅਧੀਨ ‘ਲਾਕ ਡਾਊਨ – ਇੱਕ ਪ੍ਰੇਮ ਕਹਾਣੀ’ ਅਤੇ ਨਟਰੰਗ ਅਬੋਹਰ (ਰਜਿ.) ਵੱਲੋਂ ਹਨੀ ਉਤਰੇਜਾ ਦੀ ਨਿਰਦੇਸ਼ਨਾ ਅਧੀਨ ‘ਅੰਨ੍ਹੀ ਮਾਈ ਦਾ ਸੁਪਨਾ’ ਨਾਟਕ ਪੇਸ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ. ਫੌਜਾ ਸਿੰਘ ਸਰਾਰੀ (ਕੈਬਨਿਟ ਮੰਤਰੀ, ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਪੰਜਾਬ), ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ, ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ, ਨਰੇਸ਼ ਕਟਾਰੀਆ ਵਿਧਾਇਕ ਜ਼ੀਰਾ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਡਾ. ਵੀਰਪਾਲ ਕੌਰ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਅਤੇ ਭਾਸ਼ਾ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੁਸਤਕਾਂ ਅਤੇ ਮਾਤਾ ਭਾਸ਼ਾ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਕਲਾ ਪ੍ਰੇਮੀਆਂ ਨੂੰ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਦੇ ਰਾਜ ਪੱਧਰੀ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਨਵਜੋਤ ਕੌਰ (ਸਰਕਾਰੀ ਹਾਈ ਸਕੂਲ, ਵਾਹਗੇ ਵਾਲਾ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ  ਇਸ ਵਿਦਿਆਰਥਣ ਨੂੰ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ ਕੀਤੀ ਜਾਵੇਗੀ।   

LEAVE A REPLY

Please enter your comment!
Please enter your name here