ਮੱਛੀ ਪਾਲਣ ਵਿਭਾਗ ਨੇ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ

ਪਟਿਆਲਾ,(ਦ ਸਟੈਲਰ ਨਿਊਜ਼)। ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗਾਂ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਜਸਵੀਰ ਸਿੰਘ ਦੀ ਯੋਗ ਅਗਵਾਈ ਹੇਠ ਮੱਛੀ ਪਾਲਣ ਵਿਭਾਗ ਪਟਿਆਲਾ ਵੱਲੋਂ ਮੀਟਿੰਗ ਹਾਲ ਜ਼ਿਲ੍ਹਾ ਪ੍ਰੀਸ਼ਦ, ਸਰਹਿੰਦ ਰੋਡ ਪਟਿਆਲਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਏ.ਡੀ.ਸੀ.  ਕਮ- ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਪਟਿਆਲਾ ਈਸ਼ਾ ਸਿੰਘਲ ਨੇ ਸੰਬੋਧਨ ਕਰਦਿਆਂ ਮੱਛੀ ਪਾਲਕਾਂ ਨੂੰ ਵਿਸ਼ਵ ਮੱਛੀ ਪਾਲਣ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ ਤਹਿਤ ਨਵੇਂ ਮੱਛੀ ਤਲਾਬਾਂ ਦੀ ਉਸਾਰੀ ਦੇ ਨਾਲ ਨਾਲ ਹੁਣ ਮੱਛੀ ਦੀ ਢੋਆ-ਢੁਆਈ ਦੇ ਸਾਧਨ ਜਿਵੇਂ ਕਿ ਸਾਈਕਲ ਵਿੱਦ ਆਈਸ ਬਾਕਸ, ਮੋਟਰ ਸਾਈਕਲ ਵਿੱਦ ਆਈਸ ਬਾਕਸ, ਆਟੋ ਰਿਕਸ਼ਾ ਵਿੱਦ ਆਈਸ ਬਾਕਸ, ਰੈਫਰੀਜਰੇਟਿਡ ਵੈਨਜ਼, ਇੰਸੂਲੇਟਿਡ ਵੈਨਜ਼ ਅਤੇ ਫਿਸ ਫੀਡ ਮਿੱਲ ਆਦਿ ਤੇ ਵੀ ਸਕੀਮ ਦੀਆਂ ਸ਼ਰਤਾਂ ਅਨੁਸਾਰ ਯੂਨਿਟ ਕਾਸਟ ਦਾ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੰਜਰ ਪੰਚਾਇਤੀ ਜ਼ਮੀਨਾਂ ਠੇਕੇ ‘ਤੇ ਲੈਣ ਲਈ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।

Advertisements

ਇਸ ਮੌਕੇ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਕਰਮਜੀਤ ਸਿੰਘ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਦਿਹਾੜੇ ਨੂੰ ਮਨਾਉਣ ਦਾ ਮੁੱਖ ਮੰਤਵ ਕੁਦਰਤੀ ਪਾਣੀਆਂ ਵਿੱਚ ਮੱਛੀ ਸਰੋਤਾਂ ਨੂੰ ਸੰਭਾਲ ਕੇ ਰੱਖਣ ਅਤੇ ਸਹੀ ਢੰਗ ਨਾਲ ਇਸਤੇਮਾਲ ਕਰਨ ਵਾਸਤੇ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ ਤਾਂ ਜੋ ਇਨ੍ਹਾਂ ਸਰੋਤਾਂ ਨੂੰ ਆਉਣ ਵਾਲੀਆਂ ਨਸਲਾਂ ਵਾਸਤੇ ਸੰਭਾਲ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ, ਇਸ ਲਈ ਪੰਜਾਬ ਵਿੱਚ ਇਸ ਦਿਵਸ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਕੁਦਰਤੀ ਸਾਧਨਾਂ ਨੂੰ ਸੰਭਾਲ ਕੇ ਰੱਖਣ ਲਈ ਅਤੇ ਮੱਛੀ ਛੱਪੜਾਂ ਵਿੱਚ ਵੱਧ ਤੋਂ ਵੱਧ ਮੱਛੀ ਦੀ ਪੈਦਾਵਾਰ ਪ੍ਰਾਪਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਨਾਲ ਦਿਹਾਤੀ ਇਲਾਕਿਆਂ ਵਿੱਚ ਰੁਜ਼ਗਾਰ ਦੇ ਸਾਧਨ ਵੀ ਪੈਦਾ ਹੋ ਰਹੇ ਹਨ। ਡਾ. ਓਂਕਾਰ ਸਿੰਘ, ਸਹਾਇਕ ਪ੍ਰੋਫੈਸਰ, ਜ਼ੋਅੋਲਜੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮੱਛੀ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਨਵਪ੍ਰੀਤ ਕੌਰ, ਸਹਾਇਕ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਜਾਵਟੀ ਮੱਛੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਨਾਨਕ ਚੰਦ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਪਟਿਆਲਾ ਵੱਲੋਂ ਲੋਨ ਅਤੇ ਸਬਸਿਡੀ ਸਬੰਧੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸ੍ਰੀ ਚਰਨਜੀਤ ਸਿੰਘ, ਮੁੱਖ ਕਾਰਜਕਾਰੀ ਅਫ਼ਸਰ, ਮੱਛੀ ਪਾਲਕ ਵਿਕਾਸ ਏਜੰਸੀ, ਪਟਿਆਲਾ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਮੱਛੀ ਪਾਲਣ ਧੰਦੇ ਨਾਲ ਜੁੜਨ ਅਤੇ ਵਿਭਾਗੀ ਸਕੀਮਾਂ ਦਾ ਵਧੇਰੇ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ, ਦਵਿੰਦਰ ਸਿੰਘ ਬੇਦੀ ਅਤੇ ਸ੍ਰੀਮਤੀ ਸੁਖਵਿੰਦਰ ਕੌਰ, ਸੀਨੀਅਰ ਮੱਛੀ ਪਾਲਣ ਅਫ਼ਸਰ ਅਤੇ ਰਾਮ ਰਤਨ ਸਿੰਘ, ਮੱਛੀ ਪਾਲਣ ਪਾਲਣ ਅਫ਼ਸਰ ਨਾਭਾ ਅਤੇ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here