ਸਾੱਲਡ ਵੇਸਟ ਮੈਨੇਜਮੈਂਟ’ ਤਹਿਤ ਪਿੰਡਾਂ ਵਿੱਚ ਸੁੱਕੇ ਤੇ ਗਿੱਲੇ ਕੂੜੇ ਦਾ ਵੱਖ-ਵੱਖ ਕੀਤਾ ਜਾਵੇ ਨਿਪਟਾਰਾ:ਡਿਪਟੀ ਕਮਿਸ਼ਨਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਵਿੱਚ ‘ਸਾੱਲਡ ਵੇਸਟ ਮੈਨੇਜਮੈਂਟ’ ਤਹਿਤ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਜ਼ਿਲ੍ਹੇ ਦੇ ਵੱਡੇ ਪਿੰਡਾਂ ਅਤੇ ਕਸਬਿਆਂ ਵਿੱਚ ਕੂੜੇ ਦਾ ਨਿਪਟਾਰਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਉਸ ਤੋਂ ਬਾਅਦ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਇਸ ਨੂੰ ਲਾਗੂ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਪਿੰਡਾਂ ਵਿੱਚ ਸਾਲਡ ਵੇਸਟ ਦੇ ਨਿਪਟਾਰੇ ਲਈ ਪਿੱਟਸ ਤਿਆਰ ਕੀਤੀਆਂ ਜਾਣ ਤਾਂ ਜੋ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕੇ। ਇਸੇ ਤਰਾਂ ਸੁੱਕੇ ਕੂੜੇ ਨੂੰ ਰੀਸਾਈਕਲ ਕਰਨ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਪਿੰਡਾਂ ਵਿਚੋਂ ਵਿਗਿਆਨਿਕ ਢੰਗ ਨਾਲ ਕੂੜੇ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ।

Advertisements

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ। ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਨੂੰ ਹਦਾਇਤ ਕੀਤੀ ਕਿ ਉਹ ਮੁਕੰਮਲ ਹੋਏ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਮੌਕੇ ’ਤੇ ਜਾ ਕੇ ਮੁਆਇਨਾ ਕਰਨ ਅਤੇ ਇਸਦੀ ਰੀਪੋਰਟ ਉਨ੍ਹਾਂ ਨੂੰ ਸੌਂਪਣ। ਪਿੰਡਾਂ ਦੀ ਪਾਰਕਾਂ ਦੇ ਰੱਖ-ਰਖਾਵ ਵਿੱਚ ਤੇਜ਼ੀ ਲਿਆਉਣ ਦੀ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸੇ ਦੌਰਾਨ ਸਰਹੱਦੀ ਪਿੰਡਾਂ ਵਿੱਚ ਹੋ ਰਹੀਆਂ ਵਿਲੇਜ ਡਿਫੈਂਸ ਕਮੇਟੀਆਂ ਦੀ ਮੀਟਿੰਗਾਂ ਦਾ ਰੀਵਿਊ ਵੀ ਕੀਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਡੀ.ਡੀ.ਪੀ.ਓ. ਸ੍ਰੀ ਸੰਦੀਪ ਮਲਹੋਤਰਾ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਅਤੇ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ।  

LEAVE A REPLY

Please enter your comment!
Please enter your name here