ਫਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਸਾਂਭਣ ਵਾਲੀਆਂ 418 ਮਸ਼ੀਨਾਂ ਦੀ ਸਬਸਿਡੀ ਕਿਸਾਨਾਂ ਨੂੰ ਮੁਹੱਈਆ ਕਰਵਾਈ: ਮੁੱਖ ਖੇਤੀਬਾੜੀ ਅਫ਼ਸਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਫਸਲਾਂ ਦੀ ਰਹਿੰਦ-ਖੂੰਹਦ ਖਾਸ ਤੌਰ ’ਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਵਿੱਚ ਸਹਾਈ ਨਵੀਨਤਮ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਪ੍ਰਾਪਤ ਕਰਨ ਲਈ ਪਿਛਲੇ ਸਾਲਾਂ ਦੀ ਤਰ੍ਹਾਂ ਸਾਲ 2022 ਦੌਰਾਨ ਵੀ “ਸੈਂਟਰਲ ਸੈਕਟਰ ਸਕੀਮ ਆਨ ਪ੍ਰਮੋਸ਼ਨ ਆਫ ਐਗਰੀਕਲਚਰਲ ਮੈਕੇਨਾਈਜ਼ੇਸ਼ਨ ਫਾਰ ਇੰਨ-ਸਿਟੂ ਮੈਨੇਜਮੈਂਟ ਆਫ ਕਰਾਪ ਰੈਜ਼ੀਡਿਊ” ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ ’ਤੇ ਆਨਲਾਈਨ ਅਪਲਾਈ ਕੀਤਾ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਪੋਰਟਲ ’ਤੇ ਪ੍ਰਾਪਤ ਕਿਸਾਨਾਂ ਦੀਆਂ ਅਰਜ਼ੀਆਂ ਵੈਰੀਫਾਈ ਕਰਨ ਉਪਰੰਤ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਖਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਸੀ ਅਤੇ ਨਿਰਧਾਰਤ ਸਮੇਂ ਅੰਦਰ ਆਪਣੇ ਮਨ-ਪਸੰਦ ਮਸ਼ੀਨਰੀ ਨਿਰਮਾਤਾ/ਡੀਲਰ ਕੋਲੋਂ ਮਸ਼ੀਨਾਂ ਦੀ ਖਰੀਦ ਕਰਨ ਵਾਲੇ ਕਿਸਾਨਾਂ ਦੀਆਂ ਮਸ਼ੀਨਾਂ ਦੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭੌਤਿਕ ਪੜਤਾਲ ਕੀਤੀ ਜਾ ਰਹੀ ਹੈ। 

Advertisements

ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਵੱਲੋਂ ਖਰੀਦੀਆਂ ਗਈਆਂ 326 ਸੁਪਰ ਸੀਡਰ, 6 ਬੇਲਰ, 7 ਰੇਕ, 1 ਸਮਾਰਟ ਸੀਡਰ, 29 ਸ਼ਰਬ ਮਾਸਟਰ/ਰੋਟਰੀ ਸਲੈਸ਼ਰ, 2 ਸੁਪਰ ਐਸ.ਐਮ.ਐਸ, 9 ਮਲਚਰ, 1 ਪੈਡੀ ਸਟਰਾਅ ਚੋਪਰ, 12 ਆਰ.ਐਮ.ਬੀ.ਪਲੋਅ, 4 ਕਰਾਪ ਰੀਪਰ ਅਤੇ 21 ਜ਼ੀਰੋ ਟਿੱਲ ਡਰਿੱਲ (ਕੁੱਲ 418) ਮਸ਼ੀਨਾਂ ਉੱਤੇ ਕੁੱਲ 4 ਕਰੋੜ 25 ਲੱਖ 58 ਹਜਾਰ ਇੱਕ ਸੋ ਅੱਸੀ ਰੁਪਏ ਦੀ ਸਬਸਿਡੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਕਿਸਾਨਾਂ ਦੀ ਸਬਸਿਡੀ ਵੀ ਜਲਦ ਹੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਫਸਲਾਂ ਦੀ ਰਹਿੰਦ-ਖੂੰਹਦ ਖਾਸ ਤੌਰ ’ਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਜਾਂ ਖੇਤਾਂ ਚੋਂ ਬਾਹਰ ਕੱਢ ਕੇ ਸਾਂਭਣ ਅਤੇ ਇਸ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਇਸ ਨਾਲ ਮਿੱਟੀ ਅਤੇ ਹੋਰ ਜੀਵ-ਜੰਤੂਆਂ ਦੀ ਸਿਹਤ ’ਤੇ ਪੈਣ ਵਾਲੇ ਦੁਸ਼ਪ੍ਰਭਾਵਾਂ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here