ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਕੇਤ ਭਾਸ਼ਾ ਸਿਖਾਉਣ ਲਈ ਟ੍ਰੇਨਿੰਗ ਸੈਸ਼ਨ ਲਗਾਇਆ ਜਾਵੇਗਾ

ਪਟਿਆਲਾ(ਦ ਸਟੈਲਰ ਨਿਊਜ਼): ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜ ਭਰ ‘ਚੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਸੰਵੇਦਨਸ਼ੀਲ ਬਣਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ‘ਚ ਸੋਸਾਇਟੀ ਫਾਰ ਵੈਲਫ਼ੇਅਰ ਅਫ਼ ਦੀ ਹੈਂਡੀਕੈਪਡ ਦੇ ਸਹਿਯੋਗ ਨਾਲ ਸੰਕੇਤ ਭਾਸ਼ਾ ਦਾ ਮੁਢਲਾ ਗਿਆਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਬਾਰੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਕੇਤ ਭਾਸ਼ਾ ਬਾਰੇ ਜਾਣਕਾਰੀ ਦੇਣ ਲਈ ਵਿਸ਼ਵ ਦਿਵਿਆਂਗ ਦਿਵਸ ਨੂੰ ਸਮਰਪਿਤ ਇੱਕ ਟ੍ਰੈਨਿੰਗ ਸੈਸ਼ਨ 12 ਤੋਂ 16 ਦਸੰਬਰ ਤੱਕ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਇਸ ਬਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਪੈਸ਼ਲ ਸਕੂਲ ਫ਼ਾਰ ਡੈੱਫ ਸੈਫ਼ਦੀਪੁਰ ਦੀ ਮਦਦ ਨਾਲ ਇਹ ਟ੍ਰੇਨਿੰਗ ਸੈਸ਼ਨ ਉਲੀਕਿਆ ਗਿਆ ਹੈ ਤਾਂ ਕਿ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ, ਖਾਸ ਕਰਕੇ ਬੋਲਣ ਤੇ ਸੁਣਨ ਤੋਂ ਅਸਮਰੱਥ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਆਪਣੇ ਕੰਮ ਕਾਰ ਕਰਵਾਉਣ ਆਉਣ ਸਮੇਂ ਕੋਈ ਸਮੱਸਿਆ ਨਾ ਆਵੇ ਤੇ ਉਨ੍ਹਾਂ ਦੀ ਭਾਸ਼ਾ ਸਰਕਾਰੀ ਦਫ਼ਤਰਾਂ ਵਿਖੇ ਤਾਇਨਾਤ ਅਮਲਾ ਸਮਝ ਸਕੇ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਪਹਿਲਕਦਮੀ ਕਰਕੇ ਆਪਣੇ ਅਮਲੇ ਨੂੰ ਅਜਿਹੇ ਲੋਕਾਂ ਲਈ ਹੋਰ ਸੰਵੇਦਨਸ਼ੀਲ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੇ ਪ੍ਰੇਸ਼ਾਨੀ ਤੋਂ ਸਰਕਾਰੀ ਸੇਵਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ ਦੇ ਲਏ ਗਏ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

LEAVE A REPLY

Please enter your comment!
Please enter your name here