ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਪਿੰਡ ਝਬਕਰਾ ਤੋਂ ਮਿਸ਼ਨ ‘ਅਬਾਦ’ ਦਾ ਅਗਾਜ਼

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੀਂ ਪਹਿਲਕਦਮੀ ਕਰਦਿਆਂ ਸਰਹੱਦੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਦਾ ਅਗਾਜ਼ ਅੱਜ ਸਰਹੱਦੀ ਪਿੰਡ ਝਬਕਰਾ ਤੋਂ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਅਬਾਦ ਤਹਿਤ ਪਿੰਡ ਝਬਕਰਾ ਵਿੱਚ ਲਗਾਏ ਵਿਸ਼ੇਸ਼ ਕੈਂਪ ਵਿੱਚ ਸਰਹੱਦੀ ਪਿੰਡ ਝਬਕਰਾ ਤੋਂ ਇਲਾਵਾ ਮਕੌੜਾ, ਮਰਾੜਾ, ਐਮਾਂ, ਦਬੁਰਜੀ, ਜੋਗਰ, ਭਰਿਆਲ, ਤੂਰ, ਕਾਨਾ, ਫਰੀਦਪੁਰ ਅਤੇ ਚਿੱਟੀ ਪਿੰਡਾਂ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ  ਭਾਗ ਲਿਆ। ਇਸ ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ। ਕੈਂਪ ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਤੋਂ ਇਲਾਵਾ ਐੱਸ.ਡੀ.ਐੱਮ. ਦੀਨਾਨਗਰ ਡਾ. ਵਰੁਣ ਕੁਮਾਰ, ਭਾਰਤੀ ਫ਼ੌਜ ਦੇ ਮੇਜਰ ਹਰੀ ਰਾਮ, ਲੈਫਟੀਨੈਂਟ ਸ. ਸਿਮਰਪ੍ਰੀਤ ਸਿੰਘ, ਸੰਜੇ ਕੁਮਾਰ ਸੈਕੰਡ ਇਨ ਕਮਾਂਡ ਬੀ.ਐੱਸ.ਐੱਫ. 58 ਬਟਾਲੀਅਨ, ਮੁਕੇਸ਼ ਯਾਦਵ ਅਸਿਸਟੈਂਟ ਕਮਾਂਡੇਟ ਬੀ.ਐੱਸ.ਐਫ, ਤਹਿਸੀਲਦਾਰ ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisements

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਭ ਤੋਂ ਪਹਿਲਾਂ ਮਿਸ਼ਨ ਅਬਾਦ ਤਹਿਤ ਲੱਗੇ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕੈਂਪ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਵਿਕਾਸ ਦੇ ਕੰਮਾਂ, ਮਨਰੇਗਾ ਨਾਲ ਸਬੰਧਤ ਕੰਮਾਂ, ਬਾਰਡਰ ਏਰੀਆ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਅਧਾਰ ਕਾਰਡ ਸੁਵਿਧਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਹੂਲਤਾਂ ਦਾ ਲਾਭ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤਾ ਗਿਆ। ਇਸ ਤੋਂ ਇਲਾਵਾ ਹੋਰ ਵਿਭਾਗਾਂ ਨਾਲ ਸਬੰਧਤ ਮਸਲੇ ਵੀ ਸੁਣੇ ਗਏ। ਮਿਲਟਰੀ/ ਪੈਰਾ ਮਿਲਟਰੀ/ ਪੁਲਿਸ ਅਧਿਕਾਰੀਆਂ ਵੱਲੋਂ ਫ਼ੌਜ/ ਪੁਲਿਸ ਵਿੱਚ ਭਰਤੀ ਸਬੰਧੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਗਈ।  

ਮਿਸ਼ਨ ‘ਅਬਾਦ’ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸੰਬੋਧਨ ਹੁੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਦਾ ਮੁੱਖ ਮਕਸਦ ਸਰਹੱਦੀ ਖੇਤਰ ਦਾ ਸਰਬਪੱਖੀ ਵਿਕਾਸ ਹੈ। ਉਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕਾਂ ਤੱਕ ਸਰਕਾਰ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਸਰਹੱਦੀ ਪਿੰਡ ਵਿਕਾਸ ਪੱਖੋਂ ਕਿਸੇ ਵੀ ਤਰਾਂ ਘੱਟ ਨਾ ਰਹਿਣ, ਇਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ‘ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ’ ਮਿਸ਼ਨ (ਅਬਾਦ) ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇਗਾ ਅਤੇ ਉਨਾਂ ਦਾ ਹੱਲ ਕਰੇਗਾ। ਉਨਾਂ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਆਪਣੀ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ 22 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ਅਬਾਦ ਤਹਿਤ ਦੂਸਰਾ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਹ ਸਿਲਸਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਓਧਰ ਸਰਹੱਦੀ ਪਿੰਡ ਝਬਕਰਾ ਦੇ ਵਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲ ਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਹੜੇ ਕੰਮਾਂ ਲਈ ਉਨ੍ਹਾਂ ਨੂੰ ਗੁਰਦਾਸਪੁਰ ਜਾ ਕੇ ਦਫ਼ਤਰਾਂ ਦੇ ਘੇੜੇ ਮਾਰਨੇ ਪੈਣੇ ਸਨ ਅੱਜ ਉਹ ਕੰਮ ਉਨ੍ਹਾਂ ਦੇ ਪਿੰਡ ਹੀ ਹੋ ਗਏ। ਪਿੰਡ ਜੌਗਰ ਦੇ ਵਿਦਿਆਰਥੀ ਅੰਮ੍ਰਿਤਪਾਲ ਦਾ ਮੌਕੇ ’ਤੇ ਹੀ ਜਾਤੀ ਸਰਟੀਫਿਕੇਟ ਬਣ ਗਿਆ। ਇਸੇ ਤਰਾਂ ਹੋਰ ਵੀ ਬਹੁਤ ਸਾਰੇ ਵਿਅਕਤੀਆਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਲਾਭ ਮੌਕੇ ’ਤੇ ਹੀ ਦਿੱਤਾ ਗਿਆ। ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਹੈ।

LEAVE A REPLY

Please enter your comment!
Please enter your name here