ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਦਿਵਾਇਆ ਭਰੋਸਾ

ਚੰਡੀਗੜ੍ਹ(ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਇੱਥੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋਂ ਹੀ ਕੱਚੇ ਮਾਲਾਜ਼ਮਾਂ ਨੂੰ ਪੱਕੇ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਪੜਾਅਵਾਰ ਸਾਰੇ ਵਿਭਾਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ।

Advertisements

ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਵਲੋਂ ਮੁੱਖ ਸਕੱਤਰ ਨੂੰ ਆਪਣੀਆਂ ਵੱਖ ਵੱਖ ਮੰਗਾਂ ਬਾਰੇ ਜਾਣੂ ਕਰਵਾਇਆ ਜਿਸ ਬਾਰੇ ਮੁੱਖ ਸਕੱਤਰ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਨ੍ਹਾਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਮੁੱਖ ਸਕੱਤਰ ਨੇ ਯੂਨੀਅਨ ਦੀ ਇੱਕ ਅਹਿਮ ਮੰਗ ਨੂੰ ਪ੍ਰਵਾਨ ਕਰਦਿਆਂ ਕਿਸੇ ਨਾ ਕਿਸੇ ਕਾਰਨ ਕੱਢੇ ਗਏ ਕੱਚੇ ਮੁਲਾਜ਼ਮਾਂ ਦੇ ਕੇਸਾਂ ਦੀ ਰੀਵਿਊ ਕਰਕੇ ਸਭ ਨਾਲ ਇਨਸਾਫ ਕਰਨ ਸਬੰਧੀ ਸਕੱਤਰ ਟਰਾਂਸਪੋਰਟ ਨੂੰ ਹੁਕਮ ਜਾਰੀ ਕੀਤੇ।
ਇਸ ਤੋਂ ਇਲਾਵਾ ਤਨਖਾਹ ਵਿਚ 5 ਫੀਸਦੀ ਸਲਾਨਾ ਵਾਧੇ ਬਾਰੇ ਵੀ ਕੇਸ ਨੂੰ ਘੋਖ ਕੇ ਪੇਸ਼ ਕਰਨ ਲਈ ਵੀ ਮੁੱਖ ਸਕੱਤਰ ਨੇ ਨਿਰਦੇਸ਼ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ। ਇਸ ਤੋਂ ਇਲਾਵਾ ਕੰਡਕਟਰਾਂ ਨੂੰ ਬਲੈਕਲਿਸਟ ਕਰਨ ਬਾਰੇ ਸ਼ਰਤਾਂ ਨੂੰ ਵੀ ਰੀਵਿਊ ਕਰਨ ਬਾਰੇ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ। ਮੁੱਖ ਸਕੱਤਰ ਨੇ ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਕਿਸੇ ਵੀ ਪ੍ਰਾਈਵੇਟ ਬੱਸ ਨੂੰ ਨਜ਼ਾਇਜ਼ ਨਾ ਚੱਲਣ ਦਿੱਤਾ ਜਾਵੇ, ਜਿਸ ਸਬੰਧੀ ਵੱਖ ਵੱਖ ਡਿਪੂਆਂ ਦੇ ਜਨਰਲ ਮਨੇਜਰਾਂ ਨੂੰ ਸਖਤੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਜਾਣ।

LEAVE A REPLY

Please enter your comment!
Please enter your name here