ਪੰਜਾਬ ਵਿਚ ਉਦਯੋਗ ਪੱਖੀ ਮਾਹੌਲ ਸਦਕਾ 9 ਮਹੀਨਿਆਂ ’ਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ: ਚੇਅਰਮੈਨ ਬਹਿਲ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਟਾਟਾ ਸਟੀਲ, ਵਰਬੀਓ, ਫਰੇਡਨਬਰਗ, ਸਨਾਥਨ ਟੈਕਸਟਾਈਲ ਵਰਗੇ ਵੱਡੇ ਉਦਯੋਗ ਘਰਾਣਿਆਂ ਨੇ ਪੰਜਾਬ ਸਰਕਾਰ ਦੀਆਂ  ਉਦਯੋਗਿਕ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦੇ ਹੋਏ ਨਿਵੇਸ਼ ਕਰਨ ਲਈ ਇਕਰਾਰਨਾਮੇ ਕੀਤੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਹੋਣਗੀਆਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੈਦਰਾਬਾਦ ਵਿਚ ਉਦਯੋਗਪਤੀਆਂ ਨਾਲ ਮੀਟਿੰਗਾਂ ਕੀਤੀਆਂ ਸਨ ਜਿਸ ਦੌਰਾਨ ਫੂਡ ਪ੍ਰੋਸੈਸਿੰਗ ਤੇ ਖੇਤੀਬਾੜੀ ਨਾਲ ਜੁੜੇ ਉਥੇ ਦੇ ਉੱਦਮੀਆਂ ਨੇ ਵੀ ਪੰਜਾਬ ਵਿਚ ਨਿਵੇਸ਼ ਲਈ ਦਿਲਚਸਪੀ ਦਿਖਾਈ ਹੈ ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।

Advertisements

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹੁਣ ਉਦਯੋਗਪਤੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ ਭਿ੍ਰਸ਼ਟਾਚਾਰੀ ਅਤੇ ਗੁੰਝਲਦਾਰ ਪ੍ਰਕਿਰਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਜਿਸ ਕਰਕੇ ਉਦਯੋਗਪਤੀ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਰਿਸ਼ਵੋਤਖੋਰੀ ਉੱਪਰ ਨਕੇਲ ਪਾਈ ਹੈ, ਉਦਯੋਗ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸੁਖਾਵਾਂ ਮਾਹੌਲ ਦਿੱਤਾ ਹੈ, ਜਿਸ ਸਦਕਾ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪਿਛਲੀਆਂ ਸਰਕਾਰਾਂ ਦੇ ਸਮੇਂ ਉਦਯੋਗ ਸਥਾਪਤ ਕਰਨ ਲਈ ਪਹਿਲਾਂ ਸਿਆਸੀ ਰਸੂਖ ਵਾਲੇ ਪਰਿਵਾਰਾਂ ਨਾਲ ਹਿੱਸਾਪੱਤੀ ਤੈਅ ਕਰਨੀ ਪੈਂਦੀ ਸੀ ਜਿਸ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਸਹਿਣਾ ਪਿਆ।

ਚੇਅਰਮੈਨ ਰਮਨ ਬਹਿਲ ਨੇ ਅੱਗੇ ਕਿਹਾ ਕਿ ‘ਯੋਗ ਨੌਜਵਾਨਾਂ ਨੂੰ ਰੁਜ਼ਗਾਰ’ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਹੋਰ ਵੀ ਭਰਤੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਆਧਾਰ ਉਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵੱਲੋਂ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ ਜਿਸ ਨਾਲ ਸਾਡੀ ਸਕੂਲ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨਾਂ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲੀਸ ਵਿਭਾਗ ਵਿਚ ਹਰੇਕ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਵੀ ਤੈਅ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਹੁਣ ਨੌਜਵਾਨਾਂ ਨੂੰ ਤਿਆਰੀ ਕਰਨ ਦਾ ਸਮਾਂ ਮਿਲੇਗਾ।

LEAVE A REPLY

Please enter your comment!
Please enter your name here