ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲਹਿਰਾਉਣਗੇ ਤਿਰੰਗਾ

ਜਲੰਧਰ(ਦ ਸਟੈਲਰ ਨਿਊਜ਼)। ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਰਾਜਪਾਲ ਮਾਣਯੋਗ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਦਾ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਇਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੂਬਾ ਪੱਧਰੀ ਸਮਾਗਮ ਲਈ ਸਮੁੱਚੇ ਇੰਤਜ਼ਾਮ ਸੁਚੱਜੇ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੇ ਦਿਨ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸਾਂ ਦਾ ਇੰਤਜ਼ਾਮ ਕਰਨ ਲਈ ਕਿਹਾ। ਸਬੰਧਤ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ-ਸਫਾਈ ਦੇ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਚੌਕਾ ਅਤੇ ਮੁੱਖ ਥਾਵਾਂ ਦੇ ਸੁੰਦਰੀਕਰਨ ਦੇ ਵੀ ਨਿਰਦੇਸ਼ ਦਿੱਤੇ।

Advertisements

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਟੇਡੀਅਮ ਵਿੱਚ ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ, ਪਾਰਕਿੰਗ, ਸੁਚਾਰੂ ਟ੍ਰੈਫਿਕ ਵਿਵਸਥਾ, ਸੁਰੱਖਿਆ, ਫਾਇਰ ਬ੍ਰਿਗੇਡ ਸਮੇਤ ਹੋਰ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਸ ਦੌਰਾਨ ਪੀ.ਟੀ. ਸ਼ੋਅ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫਾਈਨਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਦੇ ਸਮੁੱਚੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਇਆ ਜਾ ਸਕੇ। ਇਸ ਮੌਕੇ ਐਸ.ਡੀ.ਐਮਜ਼ ਬਲਬੀਰ ਰਾਜ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਹੀਰ,ਸਹਾਇਕ ਕਮਿਸ਼ਨਰ ਪੰਕਜ ਬਾਂਸਲ, ਸਹਾਇਕ ਸਿਵਲ ਸਰਜਨ ਵਰਿੰਦਰ ਕੌਰ ਥਿੰਦ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here