ਲਤੀਫਪੁਰਾ ਮਾਮਲਾ : ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ

ਜਲੰਧਰ(ਦ ਸਟੈਲਰ ਨਿਊਜ਼):  ਸਥਾਨਕ ਲਤੀਫਪੁਰਾ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਵਿਚਕਾਰ ਇਥੇ ਸਰਕਟ ਹਾਊਸ ਵਿਖੇ ਮੀਟਿੰਗ ਹੋਈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਦਾ ਭਰੋਸਾ ਦਿੱਤਾ ਗਿਆ।   ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਦੀ ਮੰਗ ਨੂੰ ਗਹੁ ਨਾਲ ਸੁਣਦਿਆਂ ਵਿਧਾਇਕਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਢੁਕਵੇਂ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁੜ ਵਸੇਬੇ ਲਈ ਅਪਲਾਈ ਕਰਨ ਤਾਂ ਜੋ ਫੌਰੀ ਤੌਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਮੀਟਿੰਗ ਦੌਰਾਨ ਵਿਧਾਇਕਾਂ ਸ਼ੀਤਲ ਅੰਗੁਰਾਲ, ਰਮਨ ਅਰੋੜਾ ਅਤੇ ਬਲਕਾਰ ਸਿੰਘ ਨੇ ਨੁਮਾਇੰਦਿਆਂ ਨੂੰ ਜਾਣੂੰ ਕਰਵਾਇਆ ਕਿ ਇਨ੍ਹਾਂ ਪਰਿਵਾਰਾਂ ਦਾ  ਯਕੀਨਨ ਮੁੜ ਵਸੇਬਾ ਕਰਵਾਇਆ ਜਾਵੇਗਾ। ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਲਤੀਫਪੁਰਾ ਵਿੱਚ ਹੋਈ ਕਾਰਵਾਈ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਪੂਰੀ ਸੁਹਿਰਦ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਸਹਿਯੋਗ ਅਮਲ ਵਿੱਚ ਲਿਆਂਦਾ ਜਾਵੇਗਾ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਡਾ.ਐਸ.ਭੂਪਥੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਕੌਰ ਥਿਆੜਾ, ਦੀਪਕ ਬਾਲੀ ਆਦਿ ਵੀ ਮੌਜੂਦ ਸਨ। ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਤੋਖ਼ ਸਿੰਘ, ਗੁਰਦੀਪ ਸਿੰਘ ਭੰਡਾਲ, ਕਸ਼ਮੀਰ ਸਿੰਘ, ਪਰਮਿੰਦਰ ਸਿੰਘ, ਕਸ਼ਮੀਰ ਸਿੰਘ ਘੁੱਗਸ਼ੋਰ, ਸੁਖਜੀਤ ਸਿੰਘ ਡਰੋਲੀ, ਪਰਮਜੀਤ ਸਿੰਘ ਜੱਬੋਵਾਲ, ਹੰਸ ਰਾਜ ਪੱਬਵਾਂ, ਰਾਜਵਿੰਦਰ ਕੌਰ, ਮਹਿੰਦਰ ਸਿੰਘ ਬਾਜਵਾ, ਸਰਬਜੀਤ ਸਿੰਘ, ਹਰਜਿੰਦਰ ਸਿੰਘ ਆਦਿ ਨੇ ਮੀਟਿੰਗ ਵਿੱਚ ਹਿੱਸਾ ਲਿਆ।

Advertisements

LEAVE A REPLY

Please enter your comment!
Please enter your name here