ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ: ਕੋਮਲ ਮਿੱਤਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਾਲ ਮਹਿਕਮੇ ਨਾਲ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ ’ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਕੰਮਾਂ ਦਾ ਲਗਾਤਾਰ ਮੁਲਾਂਕਣ ਕਰਨ। ਇਸ ਮੌਕੇ ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਇੰਤਕਾਲਾਂ, ਜਮ੍ਹਾਂਬੰਦੀ, ਨਿਸ਼ਾਨਦੇਹੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

Advertisements

ਇਸੇ ਤਰ੍ਹਾਂ ਉਨ੍ਹਾਂ ਤਹਿਸੀਲਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ 2 ਸਾਲ ਤੋਂ ਜ਼ਿਆਦਾ ਸਮੇਂ ਵਾਲੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਰਿਕਵਰੀ ਕੇਸਾਂ ਵਿਚ ਮਾਲੀਆ ਉਗਰਾਹਨ ਵਿਚ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਤਹਿਸੀਲਾਂ ਵਿਚ ਮਾਲੀਆ ਇਕੱਤਰ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮਾਲ ਵਿਭਾਗ ਦੇ ਰਿਕਾਰਡ ਦੀ ਸਮੇਂ-ਸਮੇਂ ਸਿਰ ਪੜਤਾਲ ਕਰਨ, ਤਾਂ ਜੋ ਕੰਮ ਵਿਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਸਥਾਪਿਤ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਮਾਲ ਮਹਿਕਮੇ ਨਾਲ ਸਬੰਧਤ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here