ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਵਲੋਂ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ

ਜਲੰਧਰ, (ਦ ਸਟੈਲਰ ਨਿਊਜ਼): ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਅਤੇ ਸਭਿਆਚਾਰ ਬਾਰੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਜਲੰਧਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਮੁਖੀ ਕਾਰਜਾਂ ਦੇ ਪੱਧਰ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਪਹਿਲਾਂ ਸਥਾਨਕ ਰੈਡ ਕਰਾਸ ਆਡੀਟੋਰੀਅਮ ਵਿਖੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਕੀਮਾਂ ਦੇ ਲਾਭ ਅਤੇ ਮਿਲਦੀ ਸਹਾਇਤਾ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਦਿਆਂ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ‘ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਨਾਲ ਸਬੰਧਿਤ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਜਾਵੇ ਤਾਂ ਜੋ ਉਹ ਅਜਿਹੇ ਕਾਰਜਾਂ ਨਾਲ ਸਬੰਧਿਤ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕਰਵਾ ਸਕਣ।

Advertisements

ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਅਤੇ ਦਿਹਾਤੀ, ਸਵੱਛ ਭਾਰਤ ਮਿਸ਼ਨ ਸ਼ਹਿਰੀ ਤੇ ਗ੍ਰਾਮੀਣ, ਪੀਣ ਵਾਲੇ ਪਾਣੀ ਦੀ ਸਪਲਾਈ ਲਈ ਕੌਮੀ ਦਿਹਾਤੀ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਤਾਕੀਦ ਕੀਤੀ। ਕੇਂਦਰੀ ਰਾਜ ਮੰਤਰੀ ਨੇ ਪ੍ਰਧਾਨ ਮੰਤਰੀ ਸਵਾਨਿਧੀ ਸਕੀਮ ਤਹਿਤ ਸਬੰਧਿਤ ਬੈਂਕਾਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਬਾਰੇ ਜਮੀਨੀ ਪੱਧਰ ਤੱਕ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਉਠਾ ਸਕਣ। ਸਮਾਰਟ ਸਿਟੀ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੇਘਵਾਲ ਨੇ ਨਗਰ ਨਿਗਮ ਕਮਿਸ਼ਨਰ ਨੂੰ ਇਸ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਕੇਂਦਰੀ ਰਾਜ ਮੰਤਰੀ ਨੇ ਸਰਵ ਸਿੱਖਿਆ ਅਭਿਆਨ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਨੈਸ਼ਨਲ ਫੂਡ ਸਕਿਊਰਟੀ ਐਕਟ, ਮਗਨਰੇਗਾ ਆਦਿ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

LEAVE A REPLY

Please enter your comment!
Please enter your name here