ਆਪ ਦੀ ਸਰਕਾਰ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਮਜ਼ਬੂਤ ਲੀਹਾਂ ’ਤੇ ਪਾਵੇਗੀ : ਹਰਚੰਦ ਬਰਸਟ

ਲਾਂਬੜਾ (ਦ ਸਟੈਲਰ ਨਿਊਜ਼)। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਨੂੰ ਤਰੱਕੀ, ਖ਼ੁਸ਼ਹਾਲੀ, ਵਿਕਾਸ ਅਤੇ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਲੀਹਾਂ ’ਤੇ ਪਾਉਣਾ ਹੈ । ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਏ ਲੋਕ ਪੱਖੀ ਫੈਸਲਿਆਂ ਦੀ ਚੁਫੇਰੇ ਸਲਾਹੁਤਾ ਹੋਈ ਹੈ ਅਤੇ ਇਨ੍ਹਾਂ ਫੈਸਲਿਆਂ ਸਦਕਾ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਨੁਮਾਇੰਦੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ।

Advertisements

ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਇੱਥੇ ਲਾਂਬੜਾ ਮੰਡੀ ਵਿੱਚ ਇੱਕ ਸਮਾਗਮ ਦੌਰਾਨ ਕਈ ਸਰਪੰਚਾਂ-ਪੰਚਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਰਾਜ ਅੰਦਰ ਭ੍ਰਿਸ਼ਟਾਚਾਰੀ ਤੇ ਨਸ਼ਿਆਂ ਦਾ ਬੋਲਬਾਲਾ ਸਿਖਰਾਂ ’ਤੇ ਰਿਹਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ਬਿਲਕੁਲ ਸਾਫ਼ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ, ਸਮਾਜਿਕ ਤਾਣੇ-ਬਾਣੇ ਦੀ ਸੁਰੱਖਿਆ, ਅਮਨ-ਕਾਨੂੰਨ ਤੇ ਸੂਬੇ ਦਾ ਚਹੁੰਮੁਖੀ ਵਿਕਾਸ ਮੁੱਖ ਤਰਜੀਹਾਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕਪੱਖੀ ਫ਼ੈਸਲੇ ਲੈ ਕੇ ਲੋੜਵੰਦ ਪਰਿਵਾਰਾਂ ਦੀ ਵੱਧ ਤੋਂ ਵੱਧ ਭਲਾਈ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 85 ਫੀਸਦੀ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜੀਰੋ ਆ ਰਿਹਾ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਸਿੱਖਿਆ ਮੁਹੱਈਆ ਕਰਵਾਉਣ ਨੂੰ ਪੂਰਨ ਤੌਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ।

ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਕ ਸਾਲ ਦੇ ਅੰਦਰ 500 ਆਮ ਆਦਮੀ ਕਲੀਨਿਕ ਖੋਲ੍ਹਣਾ ਇਕ ਵੱਡਾ ਉਪਰਾਲਾ ਹੈ ਜਿਸ ਦੇ ਸ਼ੁਰੂਆਤੀ ਦੌਰ ’ਚ ਜੇਕਰ ਇਕ-ਦੁੱਕਾ ਕਮੀਆਂ ਰਹਿ ਗਈਆਂ ਹੋਣਗੀਆਂ ਤਾਂ ਉਨ੍ਹਾਂ ਨੂੰ ਜਲਦ ਦਰੁਸਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਯੋਗ ਨਹੀਂ ਹੈ ਭਾਵੇਂ ਉਸ ਵਿੱਚ ਕੋਈ ਵੀ ਸ਼ਾਮਿਲ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਾਅਦੇ ਮੁਤਾਬਿਕ ਚੰਗਾ ਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਹੋ ਰਹੀਆਂ ਹਨ। ਸੂਬੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੈਦਾ ਕਰਨ ਵਾਲਿਆਂ ਖਿਲਾਫ਼ ਸਰਕਾਰ ਵਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਏ ਤਾਜ਼ਾ ਹਲਾਤ ਦੇ ਮੱਦੇਨਜ਼ਰ ਜਾਂਚ ਕਰ ਰਹੀ ਹੈ ਅਤੇ ਜਾਂਚ ਦੇ ਅਧਾਰ ’ਤੇ ਅਗਲੀ ਕਾਰਵਾਈ ਹੋਵੇਗੀ।

ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਸਿਰਫ਼ ਝੂਠੇ ਸਬਜ਼ਬਾਗ ਹੀ ਦਿਖਾਏ ਗਏ ਜਦਕਿ ਮੌਜੂਦਾ ਸਰਕਾਰ ਵਲੋਂ ਅਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਹਰ ਵਰਗ ਦੀ ਭਲਾਈ ਲਈ ਵੱਡੇ ਫ਼ੈਸਲੇ ਲਏ ਗਏ ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਨਵੀਆਂ ਭਰਤੀਆਂ ਦੀ ਸ਼ੁਰੂਆਤ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਉਸਾਰੂ ਕਦਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਲੋਕਾਂ ਨੂੰ ਵੱਡੇ ਪੱਧਰ ’ਤੇ ਲਾਮਬੰਧ ਅਤੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜੋ ਕਿ ਨੌਜਵਾਨਾਂ ਦੀ ਊਰਜਾ ਨੂੰ ਸਾਰਥਕ ਪਾਸੇ ਲਗਾਵੇਗੀ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਲਏ ਜਾ ਰਹੇ ਫੈਸਲਿਆਂ ਅਤੇ ਹਰ ਖੇਤਰ ਵਿੱਚ ਵਿਕਾਸ ਯਕੀਨੀ ਬਣਾਉਣ ਨਾਲ ਰਾਜ ਅੰਦਰ ਖ਼ੁਸ਼ਹਾਲੀ ਤੇ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਤ ਹੋਣਗੇ ।

ਇਸ ਤੋਂ ਪਹਿਲਾਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਿਧਾਇਕ ਬਲਕਾਰ ਸਿੰਘ, ਪੰਜਾਬ ਰਾਜ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਮੈਡਮ ਹਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਨ੍ਹਾਂ ਪਿੰਡਾਂ ਵਿੱਚ ਵਡਾਲਾ, ਮਲਕੋ, ਲੱਲੀਆਂ ਖੁਰਦ, ਨਿੱਜਰਾਂ, ਵਰਿਆਣਾ, ਬਾਦਸ਼ਾਹਪੁਰ, ਭਗਵਾਨਪੁਰ, ਤਾਜਪੁਰ, ਰਾਮਪੁਰ, ਸਿੰਘਾਂ ਆਦਿ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਸ਼ਾਮਿਲ ਸਨ।

LEAVE A REPLY

Please enter your comment!
Please enter your name here