ਕੇਏਪੀ ਸਿਨਹਾ ਵੱਲੋਂ ਗੁਰਦਾਸਪੁਰ ਤੇ ਪਠਾਨਕੋਟ ਦੇ ਮਾਲ ਵਿਭਾਗ ਦੇ ਕੰਮਾਂ ਦਾ ਰੀਵਿਊ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਮਾਲ ਅਧਿਕਾਰੀਆਂ ਨਾਲ ਮਾਲ ਵਿਭਾਗ ਦੇ ਕੰਮਾਂ ਦੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ (ਵਾਧੂ ਚਾਰਜ ਜ਼ਿਲ੍ਹਾ ਪਠਾਨਕੋਟ), ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਅੰਕੁਰਜੀਤ ਸਿੰਘ, ਐੱਸ.ਡੀ.ਐੱਮ. ਧਾਰ ਕਲਾਂ ਹਰਜਿੰਦਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ, ਜੀ.ਏ. ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਗੁਰਦਾਸਪੁਰ ਗੁਰਮੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਪਠਾਨਕੋਟ ਅਰਵਿੰਦਰਪਾਲ ਸਿੰਘ, ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਤੋਂ ਇਲਾਵਾ ਦੋਵਾਂ ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।  

Advertisements

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਰੀਵਿਊ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਲੰਬਿਤ ਖਾਨਗੀ ਤਕਸੀਮ, ਨਿਸ਼ਾਨਦੇਹੀ, ਖਸਰਾ-ਗਿਰਦਾਵਰੀ ਦੇ ਕੇਸਾਂ ਨੂੰ ਤੈਅ ਸਮੇਂ ‘ਚ ਨਿਪਟਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਰਿਕਾਰਡ ਤੇ ਮਾਲ ਵਿਭਾਗ ਨਾਲ ਜੁੜੇ ਅਤੇ ਲੰਬਿਤ ਕੰਮਾਂ ਸਮੇਤ ਵੱਖ-ਵੱਖ ਕਾਰਪੋਰੇਸ਼ਨਾਂ, ਬੈਂਕਾਂ, ਸਟੈਂਪ ਡਿਊਟੀ ਤੇ ਰਜਿਸਟਰੇਸ਼ਨ ਦੀ ਬਕਾਇਆ ਮਾਲੀਆ ਰਿਕਵਰੀ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਜ਼ਮੀਨੀ ਰਿਕਾਰਡ ਨੂੰ ਸਹੀ ਢੰਗ ਨਾਲ ਅਪਡੇਟ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਵੀ ਵਿਭਾਗ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਸਥਿਤ ਪਟਾਵਰ ਸਿਖਲਾਈ ਕੇਂਦਰ ਦਾ ਦੌਰਾ ਵੀ ਕੀਤਾ ਗਿਆ ਅਤੇ ਉਥੇ ਸਿਖਲਾਈ ਹਾਸਲ ਕਰ ਰਹੇ ਨਵੇਂ ਭਰਤੀ ਪਟਵਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਟਰੇਨਿੰਗ ਹਾਸਲ ਕਰ ਰਹੇ ਪਟਵਾਰੀਆਂ ਨੂੰ ਕਿਹਾ ਕਿ ਉਹ ਚੰਗੀ ਤਰਾਂ ਮਾਲ ਵਿਭਾਗ ਦੀ ਕਾਰਜਪ੍ਰਣਾਲੀ ਅਤੇ ਆਪਣੇ ਫ਼ਰਜ਼ਾਂ ਨੂੰ ਸਮਝ ਲੈਣ ਕਿਉਂਕਿ ਉਨ੍ਹਾਂ ਵੱਲੋਂ ਬਤੌਰ ਮਾਲ ਕਰਮਚਾਰੀਆਂ ਵਜੋਂ ਅਹਿਮ ਡਿਊਟੀ ਨਿਭਾਈ ਜਾਣੀ ਹੈ।  ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਆਉਣ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।

LEAVE A REPLY

Please enter your comment!
Please enter your name here