ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਦੇ ਟੀਕੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ 15 ਫ਼ਰਵਰੀ, 2023 ਨੂੰ ਸ਼ੁਰੂ ਕੀਤੀ ਗਈ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ 25 ਲੱਖ ਗਾਵਾਂ ਨੂੰ ਵੈਕਸੀਨ ਲਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਨੂੰ ਹੁਣ ਤੱਕ 75 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਬੀਮਾਰੀ ਤੋਂ ਬਚਾਅ ਲਈ 18 ਲੱਖ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 300 ਦੇ ਕਰੀਬ ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਉਹ ਆਪਣੀ ਡਿਊਟੀ ਜੁਆਇਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਇਹ ਅਧਿਕਾਰੀ 30 ਅਪ੍ਰੈਲ, 2023 ਦੀ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਵਿੱਚ ਮਦਦ ਕਰਨਗੇ।

Advertisements

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 30 ਅਪ੍ਰੈਲ 2023 ਤੱਕ 25 ਲੱਖ ਗਾਵਾਂ ਨੂੰ ਟੀਕਾ ਲਗਾਉਣ ਦਾ ਮਿੱਥਿਆ ਟੀਚਾ, ਟੀਕਾਕਰਨ ਦਾ ਲਗਭਗ 75 ਫ਼ੀਸਦੀ ਟੀਚਾ ਕੀਤਾ ਮੁਕੰਮਲ

ਉਨ੍ਹਾਂ ਕਿਹਾ ਕਿ ਸੂਬੇ ਦੇ ਪਸ਼ੂਆਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 300 ਵੈਟਰਨਰੀ ਅਫ਼ਸਰਾਂ ਦੇ ਇੱਕ ਹੋਰ ਬੈਚ ਸਮੇਤ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵਿਭਾਗ ਵੱਲੋਂ ਪ੍ਰਕਿਰਿਆ ਅਧੀਨ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਰਕਾਰ ਨੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ ਹਵਾਈ ਜਹਾਜ਼ ਰਾਹੀਂ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਮੰਗਵਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਮਾਰੂ ਤੇ ਗੰਭੀਰ ਸਥਿਤੀ, ਜਦੋਂ ਸੂਬੇ ਵਿੱਚ ਗੁਆਂਢੀ ਰਾਜਾਂ ਤੋਂ ਫੈਲੀ ਇਸ ਬੀਮਾਰੀ ਕਾਰਨ ਪਸ਼ੂ ਧਨ ਦਾ ਭਾਰੀ ਨੁਕਸਾਨ ਹੋਇਆ ਸੀ, ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਪ੍ਰਭਾਵੀ ਰਣਨੀਤੀ ਉਲੀਕੀ ਹੈ ਤਾਂ ਜੋ ਇਸ ਬੀਮਾਰੀ ਨਾਲ ਸੂਬੇ ਵਿੱਚ ਪਸ਼ੂਆਂ ਦੀ ਆਬਾਦੀ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣਾ ਯਕੀਨੀ ਬਣਾਇਆ ਜਾ ਸਕੇ।

ਵਿਕਾਸ ਪ੍ਰਤਾਪ ਨੇ ਦੱਸਿਆ ਕਿ ਇਹ ਟੀਕਾ ਗਾਵਾਂ ਨੂੰ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ ਅਤੇ ਘਰ-ਘਰ ਜਾ ਕੇ ਟੀਕਾ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਟੀਕੇ ਦੀ ਸੁਚੱਜੀ ਸੰਭਾਲ ਹਿਤ ਕੋਲਡ ਚੇਨ ਬਰਕਰਾਰ ਰੱਖਣ ਵੱਲ ਵਿਸ਼ੇਸ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਗਾ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਪਸ਼ੂ ਪਾਲਣ ਵਿਭਾਗ ਦੀਆਂ 773 ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਰੋਜ਼ਾਨਾ 40,000 ਖ਼ੁਰਾਕਾਂ ਲਗਾਉਣ ਦਾ ਟੀਚਾ ਮਿੱਥਿਆ ਗਿਆ ਜਿਸ ਨੂੰ ਸਫ਼ਲਤਾਪੂਰਵਕ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਚਲ ਰਹੀ ਟੀਕਾਕਰਨ ਮੁਹਿੰਮ ‘ਤੇ ਤਸੱਲੀ ਪ੍ਰਗਟਾਈ ਜਿਸ ਤਹਿਤ ਲਗਭਗ 18.50 ਲੱਖ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਇਸ ਟੀਕਾਕਰਨ ਮੁਹਿੰਮ ਦੌਰਾਨ ਸਹਿਯੋਗ ਲਈ ਸੂਬੇ ਦੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ।

LEAVE A REPLY

Please enter your comment!
Please enter your name here