ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੇਖਵਾਂ `ਚ ਵਿਸ਼ਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਕਾਹਨੂੰਵਾਨ ਦੇ ਪਿੰਡ ਸੇਖਵਾਂ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਂਝੇ ਤੌਰ `ਤੇ ਕੀਤਾ। ਇਸ ਮੌਕੇ ਬਟਾਲਾ ਹਲਕੇ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Advertisements

ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਦੇ ਜੋਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਜ਼ਿਲ੍ਹੇ ਭਰ ਤੋਂ ਆਏ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਖੇਤੀਬਾੜੀ ਨੂੰ ਸਫਲ ਬਣਾਉਣ ਲਈ ਵਿਗਿਆਨਿਕ ਖੇਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੀਜਨ ਵਿੱਚ ਖਰਾਬ ਹੋਈ ਕਣਕ ਦਾ ਮੁਆਵਜਾ ਦਵਾਉਣ ਲਈ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਜਿਸ ਤਹਿਤ ਗਿਰਦਾਵਰੀ ਸ਼ੁਰੂ ਕਰਵਾ ਦਿੱਤੀ ਹੈ ਅਤੇ ਬਹੁਤ ਜਲਦੀ ਕਿਸਾਨਾਂ ਨੂੰ ਮੁਆਵਜਾ ਦੇ ਦਿੱਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਬੋਲਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਵਰਾਲ ਨੇ ਕਿਹਾ ਕਿ ਕਿਸਾਨਾਂ ਨੂੰ ਬਿਨ੍ਹਾਂ ਪੱਖਪਾਤ ਅਤੇ ਬਿਨਾਂ ਦੇਰੀ ਖਰਾਬ ਹੋਈ ਫਸਲ ਦਾ ਮੁਆਵਜਾ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਸਰਕਾਰ ਵਲੋਂ ਚਲਾਈਆਂ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਸੰਯੁਕਤ ਨਿਰਦੇਸ਼ਕ ਡਾ. ਅਵਤਾਰ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਕਿਰਪਾਲ ਸਿੰਘ ਢਿਲੋਂ ਅਤੇ ਜ਼ਿਲ੍ਹਾ ਸਿਖਲਾਈ ਅਫਸਰ ਡਾ. ਅਮਰੀਕ ਸਿੰਘ ਨੇ ਖੇਤੀਬੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਕਿਸਾਨ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਹਰ ਵੇਲੇ ਕਿਸਾਨਾਂ ਦੀ ਸੇਵਾ ਵਿੱਚ ਹਾਜ਼ਰ ਹੈ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਵੱਖ-ਵੱਖ ਤਕਨੀਕਾਂ ਦੀ ਵਰਤੋਂ ਕਰਕੇ ਨਾੜ ਨੂੰ ਖੇਤਾਂ ਵਿੱਚ ਹੀ ਨਿਪਟਾਉਣ।

ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ. ਹਰਪਾਲ ਸਿੰਘ ਰੰਧਾਵਾ, ਡਾ. ਸਤਵਿੰਦਰ ਕੌਰ, ਡਾ. ਸਰਬਜੀਤ ਸਿੰਘ ਓਲਖ ਨੇ ਫਸਲਾਂ ਦੀ ਕਾਸ਼ਤ ਸਬੰਧੀ ਕੀੜਿਆਂ ਦੀ ਰੋਕਥਾਮ ਸਬੰਧੀ, ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹ ਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕੁਰ, ਡਾ. ਸੰਜੀਵ ਸ਼ਰਮਾ, ਡਾ. ਬਲਜਿੰਦਰ ਸਿੰਘ ਭੁੱਲਰ, ਡਾ. ਪਰਮਵੀਰ ਸਿੰਘ ਕਾਹਲੋਂ, ਡਾ. ਦਿਲਬਾਗ ਸਿੰਘ ਭੱਟੀ, ਪੀਡੀ ਸੰਦੀਪ ਸਿੰਘ, ਡਿਪਟੀ ਪੀਡੀ ਪ੍ਰਭਜੋਤ ਸਿੰਘ, ਡਿਪਟੀ ਪੀਡੀ ਸੰਦੀਪ ਸਿੰਘ ਆਦਿ ਵੀ ਮੌਜੂਦ ਸਨ।    

LEAVE A REPLY

Please enter your comment!
Please enter your name here