ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇ ਕੇ ਹੁਸ਼ਿਆਰਪੁਰ ਨੇ ਸੂਬੇ ਵਿਚ ਆਪਣਾ ਦਬਦਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਇਆਕਲਪ ਸਰਟੀਫਿਕੇਟ ਆਫ ਅਵਾਰਡ 2022-23 ਦੇ ਸਖ਼ਤ ਮਾਪਦੰਡਾਂ ’ਤੇ ਖ਼ਰੇ ਉਤਰਦਿਆਂ ਸਬ-ਡਵੀਜ਼ਨ ਹਸਪਤਾਲ ਦਸੂਹਾ 88.71 ਸਕੋਰ ਦੇ ਨਾਲ ਸੂਬੇ ਵਿਚ ਪਹਿਲੇ ਨੰਬਰ ’ਤੇ ਆਇਆ ਹੈ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਹ ਅੱਜ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਐਸ. ਐਮ. ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਂਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ, ਸਬ-ਡਵੀਜ਼ਨ ਹਸਪਤਾਲ ਮੁਕੇਰੀਆਂ ਤੇ ਗੜ੍ਹਸ਼ੰਕਰ, ਸੀ. ਐਚ. ਸੀ ਭੂੰਗਾ, ਭੋਲ ਕਲੋਤਾ, ਮਾਹਿਲਪੁਰ, ਟਾਂਡਾ, ਹਾਜ਼ੀਪੁਰ, ਪੀ. ਐਚ. ਸੀ ਪੋਸੀ, ਪਾਲਦੀ, ਚੱਕੋਵਾਲ, ਯੂ. ਪੀ. ਐਚ. ਸੀ ਪੁਰਹੀਰਾਂ, ਐਚ. ਡਬਲਿਊ. ਸੀ ਕੋਲੀਆਂ, ਰਾਮਗੜ੍ਹ ਕੁੱਲੀਆਂ, ਜਾਜਾ ਤੇ ਕੋਟਲੀ ਖਾਸ ਦੇ ਐਸ. ਐਮ. ਓਜ਼ ਨੂੰ ਵੀ ਕਾਇਆਕਲਪ ਸਰਟੀਫਿਕੇਟ ਅਵਾਰਡ ਵਿਚ ਬਿਹਤਰੀਨ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ।
ਉਨ੍ਹਾਂ ਕਿਹਾ ਕਿ ਇਹ ਸਭ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਕੀਤੇ ਜਾ ਰਹੇ ਕੰਮਾਂ ਕਾਰਨ ਸੰਭਵ ਹੋ ਸਕਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਵਿੱਖ ਵਿਚ ਵੀ ਸਰਕਾਰੀ ਹਸਪਤਾਲ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਦੇ ਰਹਿਣਗੇ।

Advertisements


ਮਹੀਨਾਵਾਰ ਮੀਟਿੰਗਾਂ ਦੌਰਾਨ ਉਨ੍ਹਾਂ ਕੋਵਿਡ-19 ਸਬੰਧੀ ਆ ਰਹੇ ਤਾਜ਼ਾ ਮਾਮਲਿਆਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਨੂੰ ਜ਼ਰੂਰੀ ਪ੍ਰੋਟੋਕਾਲ ਦਾ ਪਾਲਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਤੱਕ ਬਿਹਤਰ ਢੰਗ ਨਾਲ ਸਿਹਤ ਸੁਵਿਧਾਵਾਂ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਡਲਿਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਲਿਵਰੀ ਦੌਰਾਨ ਬੀ. ਪੀ. ਐਲ ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇਗੀ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲਾਪਰਵਾਹੀ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੀ. ਬੀ ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਈ ਜਾਵੇ ਅਤੇ ਅਜਿਹੇ ਮਰੀਜ਼ ਸਾਹਮਣੇ ਆਉਣ ’ਤੇ ਉਨ੍ਹਾਂ ਦਾ ਫੌਰੀ ਇਲਾਜ ਕੀਤਾ ਜਾਵੇ।


ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਗੁਣਾਤਮਕ ਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਚੁਣੇ ਗਏ ਪੰਜ ਸਕੂਲ ਆਫ ਐਮੀਨੈਂਸ ਵਿਚ ਵਿਭਾਗ ਵੱਲੋਂ ਨਿਰਧਾਰਤ ਮਾਪਦੰਡਾਂ ਨੂੰ ਤੈਅ ਸਮੇਂ ’ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਜ਼ਿਲ੍ਹੇ ਦੇ ਪੰਜ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ (ਲੜਕੇ), ਬਾਗਪੁਰ ਸਤੌਰ, ਪੁਰਹੀਰਾਂ, ਦਸੂਹਾ ਤੇ ਗੜ੍ਹਸ਼ੰਕਰ ਨੂੰ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ ਵਿਚ ਬੱਚਿਆਂ ਨੂੰ ਬਿਹਤਰੀਨ ਬੁਨਿਆਦੀ ਢਾਂਚਾ, ਮਲਟੀਮੀਡੀਆ ਰਾਹੀਂ ਡਿਜੀਟਲ ਐਜੂਕੇਸ਼ਨ, ਵਧੀਆ ਢੰਗ ਨਾਲ ਬਣਾਈ ਲਾਇਬ੍ਰੇਰੀਆਂ ਅਤੇ ਲੈਬਾਰਟਰੀਆਂ ਤੋਂ ਇਲਾਵਾ ਖੇਡਾਂ ਤੇ ਹੋਰਨਾਂ ਗਤੀਵਿਧੀਆਂ ਨੂੰ ਉੱਚ ਦਰਜੇ ਦੀਆਂ ਵਿਸ਼ੇਸ਼ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਮਿਡ-ਡੇ-ਮੀਲ ਤਹਿਤ ਦਿੱਤੇ ਜਾ ਰਹੇ ਭੋਜਨ ਦੀ ਗੁਣਵੱਤਾ ਬਰਕਰਾਰ ਰੰਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਬਾਥਰੂਮਾਂ ਤੇ ਕਮਰਿਆਂ ਦੀ ਸਾਫ਼-ਸਫ਼ਾਈ ਤੋਂ ਇਲਾਵਾ ਹੋਰ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਸਮੱਗਰ ਸਿੱਖਿਆ ਅਭਿਆਨ ਤੇ ਸਕੂਲ ਸਿੱਖਿਆ ਵਿਭਾਗ ਦੇ ਹੋਰਨਾਂ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਕੰਮਾਂ ਦੀ ਵੀ ਸਮੀਖਿੀਆ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਅ) ਸੰਜੀਵ ਗੌਤਮ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here