ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਾੜੀ ਦੀ ਫਸਲ ਦੇ ਖਰੀਦ ਪ੍ਰਬੰਧਾਂ ਵਿੱਚ ਲੱਗੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਅੱਜ ਸਵੇਰੇ ਸਥਾਨਕ ਪੰਚਾਇਤ ਭਵਨ ਵਿਖੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ‘ਤੇ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਫਸਲ ਵੇਚਣ ਆਏ ਕਿਸਾਨ ਦੀ ਜਿਨਸ ਨੂੰ ਤੁਰੰਤ ਖਰੀਦ ਕੇ ਨਿਰਧਾਰਤ ਸਮੇਂ ਅੰਦਰ ਉਸਦੀ ਅਦਾਇਗੀ ਕੀਤੀ ਜਾਵੇ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦੀ ਗਈ ਫਸਲ ਦੀ ਲਿਫਟਿੰਗ ਵੀ ਨਾਲ ਦੀ ਨਾਲ ਹੀ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਜਾਂ ਲਿਫਟਿੰਗ ਵਿੱਚ ਕਿਸੇ ਤਰਾਂ ਦੀ ਦੇਰੀ ਜਾਂ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਮੰਡੀ ਵਿੱਚ ਲਿਫਟਿੰਗ ਦਾ ਕੰਮ ਢਿੱਲਾ ਪਾਇਆ ਗਿਆ ਉਸ ਖਰੀਦ ਏਜੰਸੀ ਤੇ ਹੋਰ ਜਿੰਮੇਵਾਰ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮੰਡੀ ਵਾਈਜ ਵੱਖ-ਵੱਖ ਖਰੀਦ ਏਜੰਸੀਆਂ ਦੀ ਕਾਰਗੁਜ਼ਾਰੀ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਸਟੋਰੇਜ ਸਮਰੱਥਾ ਅਤੇ ਓਥੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਵੀ ਲਿਆ।  

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੋਟ ਧੰਦਲ ਮੰਡੀ ਵਿੱਚ ਕੁਝ ਆੜ੍ਹਤੀਆਂ ਵੱਲੋਂ ਲੋੜੀਂਦੇ ਪ੍ਰਬੰਧ ਨਾ ਕੀਤੇ ਜਾਣ ਕਾਰਨ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਟ ਧੰਦਲ ਮੰਡੀ ਵਿੱਚ ਜੇ.ਬੀ. ਟਰੇਡਿੰਗ ਆੜ੍ਹਤੀਏ ਵੱਲੋਂ ਤਰਪਾਲਾਂ ਆਦਿ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ ਜਿਸ ਕਾਰਨ ਮੰਡੀ ਵਿੱਚ ਕਿਸਾਨਾਂ ਦੀ ਫਸਲ ਬਾਰਸ਼ ਕਾਰਨ ਭਿੱਜ ਗਈ ਸੀ। ਆੜਤੀਏ ਦੀ ਇਸ ਲਾਪਰਵਾਹੀ ਦਾ ਨੋਟਿਸ ਲੈਂਦਿਆਂ ਪ੍ਰਸ਼ਾਸਨ ਵੱਲੋਂ ਉਸਦਾ ਲਾਇਸੰਸ 5 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਇਸੇ ਮੰਡੀ ਵਿੱਚ ਹੀ ਰਵੀ ਕਮਿਸ਼ਨ ਸ਼ਾਪ ਅਤੇ ਖ਼ਾਲਸਾ ਟਰੇਡਿੰਗ ਕੰਪਨੀ ਵੱਲੋਂ ਵੀ ਲੋੜੀਂਦੇ ਪ੍ਰਬੰਧ ਨਾ ਕਰਨ ਕਰਕੇ ਉਨ੍ਹਾਂ ਨੂੰ 10,000-10,000 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਾ ਆਵੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ ਜੋ ਸਮੁੱਚੇ ਖਰੀਦ ਪ੍ਰਬੰਧਾਂ ਉੱਪਰ ਨੇੜੇ ਤੋਂ ਨਜ਼ਰ ਰੱਖਣਗੇ। ਇਸੇ ਦੌਰਾਨ ਜੇਕਰ ਕਿਸੇ ਮੰਡੀ ਵਿੱਚ ਖਰੀਦ ਜਾਂ ਲਿਫਟਿੰਗ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਇਹ ਅਧਿਕਾਰੀ ਉਸ ਦਾ ਹੱਲ ਕਰਾਉਣਗੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿਲੋਂ ਤੋਂ ਇਲਾਵਾ ਵੱਖ-ਵੱਖ ਖਰੀਦੇ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here