ਵਿਜੀਲੈਂਸ ਬਿਊਰੋ ਵੱਲੋਂ ਏਐਸਆਈ 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, (ਦ ਸਟੈਲਰ ਨਿਊਜ਼): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗਦਿਆਂ ਅਤੇ ਲੈੰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਉਦੋਨੰਗਲ, ਬਾਬਾ ਬਕਾਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

Advertisements

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦਾ ਪਿੰਡ ਗੁਰਵਾਲੀ ਨੇੜੇ ਇੱਕ ਕਾਰ ਵਿੱਚ ਹਾਦਸਾ ਹੋ ਗਿਆ ਸੀ ਅਤੇ ਕਾਰ ਸਵਾਰਾਂ ਵਿੱਚੋਂ ਇੱਕ ਨੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੈ ਅਤੇ ਹਾਦਸੇ ਵਿੱਚ ਨੁਕਸਾਨੀ ਗਈ ਕਾਰ ਨੂੰ ਥਾਣੇ ਵਿੱਚ ਲਿਆਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਅਤੇ ਉਸਦੇ ਰਿਸ਼ਤੇਦਾਰ ਕਸ਼ਮੀਰ ਸਿੰਘ ਦੀ ਮੌਜੂਦਗੀ ਵਿੱਚ ਰਿਸ਼ਵਤ ਵਜੋਂ 5,000 ਰੁਪਏ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here