
ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 892031 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਇਸ ਦੀ ਨਿਰਵਿਘਨ ਖਰੀਦ ਕੀਤੀ ਗਈ ਹੈ।
ਅੱਜ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨ ਮੰਡੀਆਂ ‘ਚ ਕਣਕ ਦੀ ਆਮਦ ਕੇਵਲ 513 ਮੀਟ੍ਰਿਕ ਟਨ ਦੀ ਹੀ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 92 ਫੀਸਦੀ (8 ਲੱਖ 22 ਹਜਾਰ 355 ਮੀਟ੍ਰਿਕ ਟਨ) ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 74 ਮੰਡੀਆਂ ‘ਚੋਂ 100 ਫੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਜਦੋਂ ਕਿ ਕਿਸਾਨਾਂ ਨੂੰ 1887.74 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੇ ਖਾਲੀ ਹੋਏ ਖੇਤਾਂ ਵਿੱਚ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ।












