ਸਿਹਤ ਵਿਭਾਗ ਨੇ ਮਲੇਰੀਆ, ਡੇਂਗੂ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ 

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਿਵਲ ਸਰਜਨ ਡਾ.  ਰਾਜਵਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਕਪੂਰਥਲਾ ਦੇ ਵੱਖ-ਵੱਖ ਸਕੂਲਾਂ ਵਿੱਚ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਡਰਾਇੰਗ ਕੰਪੀਟਿਸ਼ਨ, ਪ੍ਰਸ਼ਨੋਤਰੀ ਮੁਕਾਬਲੇ‌ ਕਰਵਾਏ ਅਤੇ ਵਿਦਿਆਰਥੀਆਂ ਵਲੋਂ ਸਿਹਤ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਵਿਚ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਤੇ ਇਹ ਮੱਛਰ ਮਲੇਰੀਆ,ਡੇਂਗੂ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਜੋ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ‘ਚ ਵੱਖ-ਵੱਖ ਥਾਵਾਂ ‘ਤੇ ਵਾਟਰ ਕੂਲਰਾਂ ਅਤੇ ਕੂਲਰਾਂ ਨੂੰ ਚੈੱਕ ਕੀਤਾ ਗਿਆ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਕਾ ਖੁੱਲਰ ਨੇ ਦੱਸਿਆ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਗੁਰੂ ਅਮਰਦਾਸ ਪਬਲਿਕ ਸਕੂਲ ਵਿੱਚ ਡਰਾਇੰਗ ਕੰਪੀਟਿਸ਼ਨ, ਸਰਕਾਰੀ ਹਾਈ ਸਕੂਲ ਮਹਿਤਾਬਗੜ੍ਹ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਵਿਖੇ ਵਿਦਿਆਰਥੀਆਂ ਵਲੋਂ ਡੇਂਗੂ, ਮਲੇਰੀਆ ਦੇ ਪੋਸਟਰ ਹੱਥਾਂ ਵਿਚ ਫੜਕੇ ਜਾਗਰੂਕਤਾ ਰੈਲੀ ਕੱਢੀ ਗਈ।

Advertisements

ਜ਼ਿਲਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਬਲਾਕਾਂ ‘ਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ “ਡਰਾਈ ਡੇ” ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਕੂਲਰ ਹਰ ਹਫ਼ਤੇ ਸਾਫ ਕਰਕੇ ਅਤੇ ਧੁੱਪ ਵਿਚ ਚੰਗੀ ਤਰ੍ਹਾਂ ਸੁਖਾਕੇ ਫਿਰ ਹੀ ਵਰਤੋ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣੀ ਚਾਹੀਦੀ ਹੈ ਅਤੇ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ। ਪੂਰੀਆਂ ਬਾਹਾਂ ਦੇ ਕਪੜੇ ਪਾਉਣੇ ਚਾਹੀਦੇ ਹਨ। ਸੌਣ ਲੱਗਿਆਂ ਮੱਛਰਦਾਨੀ ਅਤੇ ਮੱਛਰਾਂ ਨੂੰ ਭਜਾਉਣ ਵਾਲੀਆਂ ਅਗਰਬਤੀ ਆਦਿ ਦੀ ਵਰਤੋ ਕਰੋ। ਉਨ੍ਹਾਂ ਕਿਹਾ ਕਿ ਕਾਂਬੇ ਨਾਲ ਬੁਖਾਰ ਚੜ੍ਹਨ ‘ਤੇ ਖੂਨ ਦੀ ਜਾਂਚ ਕਰਵਾਵੋ। ਮਲੇਰੀਆ ਦੀ ਪੁਸ਼ਟੀ ਹੋਣ‌ ‘ਤੇ ਸਿਵਲ ਹਸਪਤਾਲ ਤੋਂ ਮੁਫ਼ਤ ਇਲਾਜ ਕਰਵਾਵੋ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ ,ਏਐਮੳ ਕਮਲ ਬਲਰਾਜ ਸਿੰਘ,ਐਸ ਆਈ ਗੁਰਬੀਰ ਸਿੰਘ, ਮਲਟੀਪਰਪਜ ਹੈਲਥ ਵਰਕਰ ਬਲਜੀਤ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਸਕੁਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here