ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ

ਪਟਿਆਲਾ (ਦ ਸਟੈਲਰ ਨਿਊਜ਼)। ਡੇਂਗੂ ਬੁਖ਼ਾਰ ਤੋਂ ਬਚਾਓ ਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਥੀਮ “ਡੇਂਗੂ ਨੂੰ ਹਰਾਉਣ ਲਈ ਸਮਝਦਾਰੀ ਦਾ ਉਪਯੋਗ ਕਰੋ” ਤਹਿਤ ਰਾਸ਼ਟਰੀ ਡੇਂਗੂ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੀ ਸਨ।
  ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਬਣਦਾ ਹੈ ਕਿ ਡੇਂਗੂ ਦੇ ਮੱਛਰ ਦੀ ਪੈਦਾਇਸ਼ ਨੂੰ ਰੋਕਣ ਦੇ ਯਤਨ ਕਰੀਏ ਅਤੇ ਸਿਹਤ ਵਿਭਾਗ ਵੱਲੋਂ ਉਲੀਕੀ ਗਈ ਹਰ ਸ਼ੁੱਕਰਵਾਰ ਖ਼ੁਸ਼ਕ ਦਿਵਸ ਮੁਹਿੰਮ ਨੂੰ ਸਫਲ ਬਣਾਈਏ। ਉਨ੍ਹਾਂ ਕਿਹਾ ਕਿ ਡੇਂਗੂ ਵਰਗੀ ਬਿਮਾਰੀ ਦਾ ਖ਼ਾਤਮਾ ਸਭਨਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਹਨਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ ਪ੍ਰੰਤੂ ਫਿਰ ਵੀ ਅਜਿਹੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਅਗਾਊਂ ਸਾਵਧਾਨੀਆਂ ਜਿਵੇਂ ਕੂਲਰਾਂ ਅਤੇ ਗਮਲਿਆਂ ਦੀਆਂ  ਟਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਨਾ, ਛੱਤਾਂ ਤੇ ਰੱਖਿਆ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਕਰਕੇ ਰੱਖਣਾ, ਟੁੱਟੇ ਡਰੰਮਾਂ, ਬਰਤਨਾਂ ਅਤੇ ਟਾਇਰਾਂ ਨੂੰ ਖੁੱਲ੍ਹੇ ਵਿੱਚ ਨਾ ਰੱਖਣਾ ਆਦਿ ਵਰਗੀਆਂ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ।
ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਡੇਂਗੂ ਦੇ ਲੱਛਣਾਂ,ਇਲਾਜ ਅਤੇ ਰੋਕਥਾਮ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਰਾਹੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਨੂੰ ਨੋਟੀਫਾਈਏਬਲ ਬਿਮਾਰੀ ਘੋਸ਼ਿਤ ਕੀਤਾ ਗਿਆ ਹੈ ਅਤੇ ਸਾਰੇ ਪ੍ਰਾਈਵੇਟ ਡਾਕਟਰਾਂ ਲਈ ਡੇਂਗੂ ਦੇ ਮਰੀਜ਼ਾ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ ਬਣਾਈ ਗਈ ਹੈ ਤਾਂ ਜੋ ਉਨ੍ਹਾਂ ਤੋਂ ਅੱਗੇ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਪ੍ਰੋਫੈਸਰ ਮੱਖੀ  ਨਰਿੰਦਰ ਢੀਂਡਸਾ ਜੀ ਵੱਲੋਂ ਕਾਲਜ ਵਿੱਚ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਡੇਂਗੂ ਪ੍ਰਤੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਡਾਕਟਰਾਂ ਅਨੁਸਾਰ ਕਹੀਆਂ ਗੱਲਾ ਨੂੰ ਜੀਵਨ ਵਿੱਚ ਅਪਣਾਉਣ ਲਈ ਕਿਹਾ।ਇਸ ਮੌਕੇ ਸਿਹਤ ਅਧਿਕਾਰੀਆਂ ਵੱਲੋਂ ਡੇਂਗੂ ਪ੍ਰਤੀ ਜਾਣਕਾਰੀ ਦਿੰਦੇ ਪੋਸਟਰ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਬਹੁਤਕਨੀਕੀ ਕਾਲਜ ਰਵਿੰਦਰ ਸਿੰਘ ਹੁੰਦਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਸਹਾਇਕ ਮਲੇਰੀਆ ਅਫ਼ਸਰ ਗੁਰਜੰਟ ਸਿੰਘ, ਐਸ.ਆਈ ਰਣ ਸਿੰਘ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਵੀਰ ਕੌਰ, ਫੈਕਲਟੀ ਸਟਾਫ਼ ਅਤੇ ਕਾਲਜ ਦੇ 150 ਦੇ ਕਰੀਬ ਵਿਦਿਆਰਥੀ ਹਾਜ਼ਰ ਸਨ।  

Advertisements

LEAVE A REPLY

Please enter your comment!
Please enter your name here