
ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਸਮੇਤ ਹੋਰ ਵਿੱਤੀ ਸਹਾਇਤਾ ਦੇ ਰੂਪ ‘ਚ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਪਟਿਆਲਾ ਜ਼ਿਲ੍ਹੇ ‘ਚ ਦਿੱਤੀ ਜਾ ਰਹੀ ਬੁਢਾਪਾ ਪੈਨਸ਼ਨ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ‘ਚ 1 ਲੱਖ 56 ਹਜ਼ਾਰ 253 ਲਾਭਪਾਤਰੀ ਬੁਢਾਪਾ ਪੈਨਸ਼ਨ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਲਾਭਪਾਤਰੀਆਂ ਨੂੰ ਮਹੀਨਾਵਾਰ ਲਗਭਗ 23.44 ਕਰੋੜ ਰੁਪਏ ਦੀ ਸਰਕਾਰ ਵੱਲੋਂ ਬੈਂਕਾਂ ਰਾਹੀਂ ਅਦਾਇਗੀ ਕੀਤੀ ਜਾਂਦੀ ਹੈ। ਵਰਿੰਦਰ ਸਿੰਘ ਬੈਂਸ ਨੇ ਬੁਢਾਪਾ ਪੈਨਸ਼ਨ ਸਬੰਧੀ ਹੋਰ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਦੱਸਿਆ ਕਿ 1500 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਂਦੀ ਪੈਨਸ਼ਨ ਲਈ ਮਰਦ ਬਿਨੈਕਾਰਾਂ ਦੀ ਉਮਰ 65 ਸਾਲ ਜਾਂ ਇਸ ਤੋਂ ਉਪਰ ਹੋਣੀ ਚਾਹੀਦੀ ਹੈ ਅਤੇ ਔਰਤ ਬਿਨੈਕਾਰਾਂ ਦੀ ਉਮਰ 58 ਸਾਲ ਜਾਂ ਇਸ ਤੋਂ ਉਪਰ ਹੋਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਬਿਨੈਕਾਰ ਦਾ ਆਧਾਰ ਕਾਰਡ ਪੈਨਸ਼ਨ ਪੋਰਟਲ ‘ਤੇ ਰਜਿਸਟਰੇਸ਼ਨ ਲਈ ਲਾਜ਼ਮੀ ਹੈ। ਪੇਂਡੂ ਖੇਤਰ ਦੇ ਬਿਨੈਕਾਰ ਪਾਸ ਮਾਲ ਰਿਕਾਰਡ ਅਨੁਸਾਰ ਪਤੀ ਪਤਨੀ ਦੋਵਾਂ ਦੀ 2.5 ਏਕੜ ਨਹਿਰੀ/ਚਾਹੀ ਜਾਂ 5 ਏਕਟ ਤੋਂ ਵੱਧ ਬਰਾਨ/ਸੇਮ ਪ੍ਰਭਾਵਿਤ ਤੋਂ ਵੱਧ ਜ਼ਮੀਨ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰ ਦੇ ਬਿਨੈਕਾਰਾਂ ਦਾ 200 ਵਰਗ ਮੀਟਰ ਤੋਂ ਵੱਧ ਰਿਹਾਇਸ਼ੀ ਮਕਾਨ ਨਹੀਂ ਹੋਣਾ ਚਾਹੀਦਾ ਅਤੇ ਇਸ ਸਬੰਧੀ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਜਾਂ ਨਗਰ ਨਿਗਮ ਵੱਲੋਂ ਰਿਪੋਰਟ ਕੀਤੀ ਜਾਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਬਿਨੈਕਾਰ ਦੀ ਸਲਾਨਾ ਆਮਦਨ ਸਮੇਤ ਕਾਰੋਬਾਰ, ਕਿਰਾਏ ਜਾਂ ਵਿਆਜ ਤੋਂ 60 ਹਜ਼ਾਰ ਰੁਪਏ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵੀ ਆਰਥਿਕ ਮਦਦ ਮੁਹੱਈਆ ਕਰਵਾਈ ਜਾਂਦੀ ਹੈ।











