ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 38 ਲੱਖ 52 ਹਜ਼ਾਰ ਦੇ ਡੇਟਾ ਪੈਕੇਜ ਦੀ ਮਿਲੇਗੀ ਸਹੂਲਤ: ਡੀਸੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਗਈ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 1926 ਹੈ ਅਤੇ ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 38,52,000 ਰੁਪਏ ਦਾ ਡੇਟਾ ਪੈਕੇਜ ਦਿੱਤਾ ਜਾਵੇਗਾ।

Advertisements

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ। ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ, ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟ ਫ਼ੋਨ ਰਾਹੀਂ ਪੋਸ਼ਣ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੋਸ਼ਣ ਅਭਿਆਨ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਪੋਸ਼ਣ ਟਰੈਕਰ ਐਪ ’ਤੇ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

LEAVE A REPLY

Please enter your comment!
Please enter your name here