ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਨੂੰ ਦਿੱਤੀਆਂ ਜਾਂਦੀਆਂ ਨੇ ਵਿਸ਼ੇਸ਼ ਸਹੂਲਤਾਂ: ਡੀਐਸਐਸਓ

ਪਟਿਆਲਾ (ਦ ਸਟੈਲਰ ਨਿਊਜ਼): ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ‘ਚ ਸੂਬਾ ਸਰਕਾਰ ਵੱਲੋਂ ਜਿਥੇ ਲੋੜਵੰਦਾਂ ਲਈ ਬੁਢਾਪਾ ਪੈਨਸ਼ਨ ਸਮੇਤ ਵਿਧਵਾ ਅਤੇ ਨਿਆਸ਼ਰਿਤ ਔਰਤਾਂ, ਆਸ਼ਰਿਤ ਬੱਚਿਆ ਅਤੇ ਦਿਵਿਆਂਗਜਨ ਨੂੰ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਉਥੇ ਹੀ 60 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਵੀ ਵਿਸ਼ੇਸ਼ ਸਹੂਲਤਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਦੀ ਭਲਾਈ ਸਬੰਧੀ ਵੀ ਵਿਭਾਗ ਵੱਲੋਂ ਸਕੀਮ ਚਲਾਈ ਜਾਂਦੀ ਹੈ, ਜਿਸ ਤਹਿਤ 60 ਸਾਲ ਤੋਂ ਵਧੇਰੇ ਉਮਰ ਦੇ ਸੀਨੀਅਰ ਸਿਟੀਜ਼ਨ ਨੂੰ ਸੇਵਾ ਕੇਂਦਰਾਂ ਰਾਹੀਂ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਜਾਂਦੇ ਹਨ। ਇਹਨਾਂ ਕਾਰਡਾਂ ਦੇ ਆਧਾਰ ਤੇ ਸੀਨੀਅਰ ਸਿਟੀਜ਼ਨ ਨੂੰ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਵਿੱਚ ਕਿਸੇ ਵੀ ਕੰਮ ਲਈ ਪਹਿਲ ਦੇ ਆਧਾਰ ‘ਤੇ ਅਟੈਂਡ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਸੀਨੀਅਰ ਸਿਟੀਜ਼ਨ ਲਈ ਕੁੱਝ ਸੀਟਾਂ ਰਾਖਵੀਂਆਂ ਹੁੰਦੀਆਂ ਹਨ। ਇਸ ਤੋਂ ਇਲਾਵਾ ਰੇਲਵੇ ਅਤੇ ਹਵਾਈ ਯਾਤਰਾ ਵਿੱਚ ਕੇਂਦਰ ਸਰਕਾਰ ਵੱਲੋਂ ਕਿਰਾਏ ਵਿੱਚ ਛੋਟ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ, ਗਰੀਬ ਵਿਦਿਆਰਥੀਆਂ ਨੂੰ ਕੰਪਿਊਟਰ/ਸਿਲਾਈ-ਕਢਾਈ/ਬਿਊਟੀ ਪਾਰਲਰ ਆਦਿ ਦੀ ਸਿਖਲਾਈ ਅਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਨੂੰ ਗਰਾਂਟ-ਇਨ-ਏਡ ਦਿੱਤੀ ਜਾਂਦੀ ਹੈ। ਇਸ ਸਬੰਧ ਵਿੱਚ ਹਰੇਕ ਸਾਲ ਵਿਭਾਗ ਵੱਲੋਂ ਇਸ਼ਤਿਹਾਰ ਦੇ ਕੇ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ ਅਤੇ ਵਿਭਾਗ ਦੇ ਨਿਯਮਾਂ ਅਨੁਸਾਰ ਵਧੀਆ ਕਾਰਗੁਜ਼ਾਰੀ ਵਾਲੇ ਐਨ.ਜੀ.ਓਜ ਨੂੰ ਗਰਾਂਟ-ਇਨ-ਏਡ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਲਗਭਗ 10.00 ਲੱਖ ਰੁਪਏ ਦੀ ਗਰਾਂਟ-ਇਨ-ਏਡ ਦੀ ਰਾਸ਼ੀ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਐਨ.ਜੀ.ਓਜ ਨੂੰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here