ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ ‘ਚ ਐੱਸ.ਟੀ.ਆਈ, ਐੱਚ.ਆਈ.ਵੀ., ਟੀ.ਬੀ. ਤੇ ਵਾਇਰਲ ਹੈਪੇਟਾਈਟਸ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ

ਗੁਰਦਾਸਪੁਰ (ਦ ਸਟੈਲਰ ਨਿਊਜ਼) । ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੀ ਸਿਹਤ ਜਾਂਚ ਲਈ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਸਿਹਤ ਵਿਭਾਗ, ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਕੇਂਦਰੀ ਜੇਲ੍ਹ ਗੁਰਦਸਪੁਰ ਵਿਖੇ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਦੇ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਜੇਲ੍ਹ ਵਿੱਚ ਬੰਦੀਆਂ ਦੀ ਅਜਿਹੇ ਰੋਗਾਂ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ।

Advertisements

ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਬੀਮਾਰੀਆਂ ਸਬੰਧੀ ਕਾਉਂਸਲਿੰਗ, ਸਕਰੀਨਿੰਗ ਕੀਤੀ ਜਾਵੇਗੀ ਤਾਂ ਜੋ ਅਜਿਹੇ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਬੰਦੀਆਂ ਦੀ ਬੈਰਿਕ ਵਾਈਜ ਸਕਰੀਨਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਕਾਉਂਸਲਰ ਬੰਦੀਆਂ ਦੀਆਂ ਬਿਮਾਰੀਆਂ ਬਾਰੇ ਕਾਉਂਸਲਿੰਗ ਵੀ ਕਰਨਗੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 2 ਜੁਲਾਈ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਬੰਦ ਬੰਦੀਆਂ ਤੋਂ ਇਲਾਵਾ ਰੈੱਡ ਕਰਾਸ ਦੇ ਨਸ਼ਾ ਛੁਡਾਉ ਕੇਂਦਰ ਵਿੱਚ ਦਾਖਲ ਮਰੀਜਾਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ ਅਤੇ ਬਿਰਧ ਆਸ਼ਰਮਾਂ ਵਿੱਚ ਰਹਿ ਰਹੇ ਬਜ਼ੁਰਗਾਂ ਦੇ ਵੀ ਟੀ.ਬੀ, ਹੈਪਾਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੇ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਲਈ ਲੋੜੀਂਦਾ ਮਾਈਕਰੋਪਲਾਨ ਤਿਆਰ ਕੀਤਾ ਗਿਆ ਹੈ ਅਤੇ ਲੋੜੀਂਦੇ ਮੈਡੀਕਲ ਅਫਸਰ, ਪੈਰਾ ਮੈਡੀਕਲ ਸਟਾਫ ਦੀ ਡਿਉਟੀ ਸਕਰੀਨਿੰਗ ਲਈ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕਰੀਨਿੰਗ ਮੁਹਿੰਮ ਦੇ ਨਾਲ ਮਾਹਿਰ ਡਾਕਟਰਾਂ ਵੱਲੋਂ ਬੰਦੀਆਂ ਦਾ ਮੈਡੀਕਲ ਮੁਆਇਨਾ ਕਰਕੇ ਉਨ੍ਹਾਂ ਦਾ ਇਲਾਜ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕਰੀਨਿੰਗ ਮੁਹਿੰਮ ਨੂੰ 100 ਫੀਸਦੀ ਸਫ਼ਲ ਬਣਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨ।

ਕੇਂਦਰੀ ਜੇਲ੍ਹ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਲ੍ਹ ਵਿੱਚ ਬੰਦ ਬੰਦੀਆਂ ਨਾਲ ਗੱਲ-ਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਵੀ ਆਪਣੇ ਮੈਡੀਕਲ ਟੈਸਟ ਕਰਵਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਜੇਲ੍ਹ ਪ੍ਰਬੰਧਾਂ ਦਾ ਜਾਇਜਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਜੇਲ੍ਹ ਸੁਪਰਡੈਂਟ ਸ. ਨਵਇੰਦਰ ਸਿੰਘ, ਸਿਵਲ ਸਰਜਨ ਡਾ. ਹਰਭਜਨ ਰਾਮ, ਡਾ. ਰੋਮੀ ਰਾਜਾ, ਡਾ. ਵਰਿੰਦਰ ਮੋਹਨ, ਡਾ. ਅੰਕੁਰ ਕੌਸ਼ਲ, ਡਾ. ਮੀਰਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ, ਚਾਂਦ ਠਾਕੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here