ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਕਰੋੜ ਕਾਗ਼ਜ਼ਾਂ ਦੀ ਕਰ ਰਿਹਾ ਹੈ ਬੱਚਤ

ਫਾਜ਼ਿਲਕਾ (ਦ ਸਟੈਲਰ ਨਿਊਜ਼) । ਪਿਛਲੇ ਦਿਨੀ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਐਸ.ਐਮ.ਐਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਸੀ ਜੋ ਕਿ ਕਾਫੀ ਫਾਇਦੇਮੰਦ ਸਾਬਿਤ ਹੋ ਰਿਹਾ ਹੈ। ਇਹ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ ਕੌਰ ਨੇ ਕੀਤਾ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਗ਼ਜ਼ੀ ਰਸੀਦ ਪ੍ਰਣਾਲੀ ਦੇ ਖ਼ਾਤਮੇ ਨਾਲ ਸੇਵਾ ਕੇਂਦਰਾਂ ਵਿੱਚ ਕਾਰਬਨ ਦੀ ਵਰਤੋਂ ਘਟੀ ਹੈ ਜੋ ਕਿ ਇੱਕ ਚੰਗੇ ਤੇ ਸਾਫ਼ ਸੁਥਰੇ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਸਾਬਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਦੇ ਗੁਆਚਣ ਦੀ ਚਿੰਤਾ ਨਹੀਂ ਹੈ ਕਿਉਂਕਿ ਹੁਣ ਉਹ ਐਸ.ਐਮ.ਐਸ. ਰਾਹੀਂ ਆਸਾਨੀ ਨਾਲ ਆਪਣੀਆਂ ਭੁਗਤਾਨ ਰਸੀਦਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਰਸੀਦਾਂ ਉਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੈ ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾ ਰਹੀ ਹੈ। ਪਰ ਉਨ੍ਹਾਂ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲਕਦਮੀ ਦਾ ਹਿੱਸਾ ਬਣਨ।

ਉਨ੍ਹਾਂ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਡਿਜੀਟਲ ਰਸੀਦ ਪਹਿਲਾਂ ਹੀ ਇੱਕ ਸਫ਼ਲ ਬਦਲ ਸਾਬਤ ਹੋ ਚੁੱਕੀ ਹੈ ਕਿਉਂਕਿ ਇਨ੍ਹਾਂ ਨੂੰ ਸਟੋਰ ਕਰਨਾ ਅਤੇ ਲੋੜ ਪੈਣ ‘ਤੇ ਇਨ੍ਹਾਂ ਤੱਕ ਪਹੁੰਚ ਕਰਨਾ ਬਹੁਤ ਆਸਾਨ ਹੈ। ਉਨ੍ਹਾਂ ਕਿਹਾ ਕਿ ਪੇਪਰ-ਰਹਿਤ ਫੀਸ ਰਸੀਦ ਪ੍ਰਣਾਲੀ ਸੇਵਾ ਪ੍ਰਦਾਨ ਕਰਨ ਵਾਲਿਆਂ ਅਤੇ ਉਪਭੋਗਤਾਵਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਕਰ ਰਹੀ ਹੈ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਵਿਖੇ ਕਾਊਂਟਰਾਂ ‘ਤੇ ਰਸੀਦ ਪ੍ਰਿੰਟ ਕਰਨ ਦੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ. ਗਗਨਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਖੁੱਲੇ ਰਹਿੰਦੇ ਹਨ ਅਤੇ ਇਸ ਤਰਾਂ ਦਫਤਰੀ ਕੰਮਕਾਜ ਵਾਲੇ ਲੋਕ ਸੇਵਾ ਕੇਂਦਰ ਨਾਲ ਸੰਬੰਧਤ ਕੰਮਾਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਇੰਨ੍ਹਾਂ ਸੇਵਾ ਕੇਂਦਰਾਂ ਤੇ ਆ ਕੇ ਸਰਕਾਰੀ ਸੇਵਾਵਾਂ ਲੈ ਸਕਦੇ ਹਨ।

LEAVE A REPLY

Please enter your comment!
Please enter your name here