ਛੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਵਿਸ਼ੇਸ਼ ਸਿਖਲਾਈ

ਪਟਿਆਲਾ, (ਦ ਸਟੈਲਰ ਨਿਊਜ਼)। ਕੁਦਰਤੀ ਆਫ਼ਤ ਮੌਕੇ ਗੰਭੀਰ ਪ੍ਰਸਥਿਤੀਆਂ ਨਾਲ ਨਜਿੱਠਣ ਲਈ ਅੱਜ ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਇੰਸੀਡੈਂਟ ਰਿਸਪੋਂਸ ਟੀਮ ਦੀ ਭੂਮਿਕਾ ਅਤੇ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਵਿਸ਼ੇਸ਼ ਸਿਖਲਾਈ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਅਧਿਕਾਰੀਆਂ ਸਮੇਤ ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ ਅਤੇ ਮਲਰੇਕੋਟਲਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੀ ਮੌਜੂਦ ਸਨ। ਇਸ ਮੌਕੇ ਟ੍ਰੇਨਿੰਗ ਦਿੰਦਿਆਂ ਬ੍ਰਿਗੇਡੀਅਰ (ਸੇਵਾਮੁਕਤ) ਕੁਲਦੀਪ ਸਿੰਘ ਨੇ ਕਿਹਾ ਕਿ ਪਟਿਆਲਾ ਦੀ ਜੇਕਰ ਭੂਗੋਲਿਕ ਸਥਿਤੀ ਨੂੰ ਦੇਖਿਆ ਜਾਵੇ ਤਾਂ ਬਰਸਾਤੀ ਮੌਸਮ ‘ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਥੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੁੰਦੀ ਹੈ। ਜੋ ਸਾਲਾਂ ਤੋਂ ਚੱਲੀ ਆ ਰਹੀ ਹੈ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇਹ ਅਹਿਮ ਟ੍ਰੇਨਿੰਗ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 13 ਜੁਲਾਈ ਨੂੰ ਹੜ੍ਹਾਂ ਦੀ ਸਥਿਤੀ ਸਬੰਧੀ ਰਾਜ ਪੱਧਰੀ ਅਭਿਆਸ ਵੀ ਕੀਤਾ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਆਉਣ ਉਪਰੰਤ ਸਭ ਤੋਂ ਅਹਿਮ ਰੋਲ ਇਨਫੋਰਮੈਸ਼ਨ ਰਿਸਪੋਂਸ ਟੀਮ ਦਾ ਹੁੰਦਾ ਹੈ ਜਿਸ ਵਲੋਂ ਹਰ ਤਰ੍ਹਾਂ ਦੀ ਜਾਣਕਾਰੀ ਇਕੱਠੀ ਕਰਕੇ ਆਪਣੇ ਸਰੋਤਾਂ ਦੇ ਅਨੁਸਾਰ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਚਾਅ ਕਾਰਜ ਸ਼ੁਰੂ ਕਰਨੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮਿਆਂ ਵਿਚ ਵਾਤਾਵਰਨ ਵਿਚ ਵੱਡੀਆਂ ਤਬਦੀਲੀਆਂ ਹੋਣ ਕਾਰਨ ਇਹ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਕਿਸੇ ਵੀ ਵੱਡੀ ਕੁਦਰਤੀ ਆਫ਼ਤ ਤੋਂ ਪਹਿਲਾਂ ਹਰ ਪੱਧਰ ਉੱਤੇ ਪ੍ਰਬੰਧਾਂ ਦਾ ਜਾਇਜ਼ਾ ਲਈਏ।

ਉਨ੍ਹਾਂ ਕਿਹਾ ਕਿ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਰਾਸ਼ਟਰੀ, ਰਾਜ ਅਤੇ ਜ਼ਿਲ੍ਹਾ ਪੱਧਰ ਉਤੇ ਵਿਆਪਕ ਪ੍ਰਣਾਲੀ ਨਿਰਧਾਰਿਤ ਕੀਤੀ ਗਈ ਹੈ ਜਿਸ ਦੁਆਰਾ ਹਰ ਕਿਸਮ ਦੇ ਬਚਾਅ ਕਾਰਜ ਅਤੇ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕੁਦਰਤੀ ਆਫ਼ਤ ਉਪਰੰਤ ਵੱਖ-ਵੱਖ ਤਰ੍ਹਾਂ ਦੀ ਪ੍ਰਸਥਿਤੀਆਂ ਸਾਹਮਣੇ ਆਉਂਦੀਆਂ ਹਨ ਜਿਸ ਵਿਚ ਵੱਡੇ ਪੱਧਰ ਉਤੇ ਸਰਕਾਰੀ ਅਤੇ ਨਿੱਜੀ ਨੁਕਸਾਨ ਹੁੰਦਾ ਹੈ ਜਿਸ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਫੌਰੀ ਮੱਦਦ ਭੇਜਣੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ਤੋਂ ਪਹਿਲਾਂ ਹੀ ਸਾਡੇ ਕੋਲ ਐਕਸ਼ਨ ਪਲਾਨ ਹੋਣਾ ਲਾਜ਼ਮੀ ਹੈ ਤਾਂ ਜੋ ਹੋਏ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਘੱਟ ਤੋਂ ਘੱਟ ਸਮੇਂ ਵਿਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ ਜਿਸ ਲਈ ਇਹ ਵੀ ਅਤਿ ਜ਼ਰੂਰੀ ਹੈ ਕਿ ਸਿਹਤ, ਟ੍ਰਾਂਸਪੋਰਟ, ਲੋਕ ਨਿਰਮਾਣ, ਫੂਡ ਸਪਲਾਈ ਵਰਗੇ ਵਿਭਾਗ ਆਪਣੇ ਨਾਲ ਸਬੰਧਿਤ ਸਰੋਤਾਂ ਦੀ ਤਕਨੀਕੀ ਤੇ ਯੋਗ ਢੰਗ ਦੇ ਨਾਲ ਵਰਤੋਂ ਕਰਨ।

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਤੋਂ ਪਹਿਲਾਂ ਬਚਾਅ ਕਾਰਜਾਂ ਦੀਆਂ ਤਿਆਰੀਆਂ ਅਤੇ ਬਚਾਅ ਦੇ ਸਰੋਤਾਂ ਦੀ ਸਹੀ ਵਰਤੋਂ ਕਰਕੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ ਜਿਸ ਲਈ ਐਨ.ਡੀ.ਆਰ.ਐਫ਼ ਦੀ ਟੀਮਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਇਹ ਟੀਮਾਂ ਕੁਦਰਤੀ ਆਫ਼ਤ ਵਿਚ ਲੋਕਾਂ ਨੂੰ ਬਚਾਉਣ ਲਈ ਮਾਹਰ ਹੁੰਦੀਆਂ ਹਨ। ਜੋ ਜ਼ਿਲ੍ਹਾ ਪੱਧਰੀ ਮੈਨੇਜਮੈਂਟ ਅਥਾਰਟੀਆਂ ਨਾਲ ਸਾਂਝੇ ਤੌਰ ਉਤੇ ਮੁਹਿੰਮ ਚਲਾਉਂਦੀਆਂ ਹਨ। ਇਸ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਛੇ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here