ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸਕੂਲ ਪੱਧਰ ‘ਤੇ ਕਰਵਾਏ ਜਾਣ ਖੇਡ ਮੁਕਾਬਲੇ: ਗੁਰਲਾਲ ਘਨੌਰ

ਪਟਿਆਲਾ, (ਦ ਸਟੈਲਰ ਨਿਊਜ਼)। ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਜ਼ੋਨ ਪੱਧਰ ਦੇ ਖੇਡ ਮੁਕਾਬਲਿਆਂ ਤੋਂ ਪਹਿਲਾ ਸਕੂਲ ਪੱਧਰ ਅਤੇ ਕਲੱਸਟਰ ਪੱਧਰ ‘ਤੇ ਮੁਕਾਬਲੇ ਕਰਵਾਏ ਜਾਣ ਤਾਂ ਜੋ ਅਸਲੀ ਟੇਲੈਂਟ ਨੂੰ ਮੌਕਾ ਮਿਲ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ‘ਚ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਰੂਪ ਰੇਖਾ ਤਿਆਰ ਕਰਨ ਲਈ ਮੀਟਿੰਗ ਕਰ ਰਹੇ ਸਨ।

Advertisements

ਮੀਟਿੰਗ ਦੌਰਾਨ ਗੁਰਲਾਲ ਘਨੌਰ ਨੇ ਕਿਹਾ ਕਿ ਅਸਲ ਵਿੱਚ ਖੇਡ ਪ੍ਰਤਿਭਾ ਨੂੰ ਸਕੂਲਾਂ ਵਿੱਚ ਹੀ ਪਰਖਿਆ ਜਾਂਦਾ ਹੈ ਪਰ ਆਮ ਤੌਰ ‘ਤੇ ਜ਼ੋਨ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਸਕੂਲ ਪੱਧਰ ‘ਤੇ ਕੋਈ ਮੁਕਾਬਲਾ ਨਾ ਹੋਣ ਕਾਰਨ ਕਈ ਵਾਰ ਪ੍ਰਤਿਭਾਵਾਨ ਬੱਚਿਆਂ ਨੂੰ ਮੌਕਾ ਨਹੀਂ ਮਿਲਦਾ, ਜਿਸ ਦਾ ਬੱਚਿਆਂ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਜ਼ੋਨ ਦੇ ਮੁਕਾਬਲਿਆਂ ਤੋਂ ਪਹਿਲਾਂ ਸਕੂਲ ਪੱਧਰ ਅਤੇ ਫੇਰ ਕਲੱਸਟਰ ਪੱਧਰ ‘ਤੇ ਮੁਕਾਬਲੇ ਕਰਵਾਏ ਜਾਣ। ਇਸ ਦੇ ਆਉਣ ਵਾਲੇ ਸਮੇਂ ‘ਚ ਸਾਰਥਕ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ‘ਚ ਲੱਖਾਂ ਖਿਡਾਰੀਆਂ ਵੱਲੋਂ ਹਿੱਸਾ ਲੈ ਕੇ ਇਸ ਨੂੰ ਭਰਵਾਂ ਹੁੰਗਾਰਾਂ ਦਿੱਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਜ਼ਿਲ੍ਹੇ ਦੀਆਂ ਖੇਡ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਪਾਸੋਂ ਸੁਝਾਅ ਲਏ ਜਾਣਗੇ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਕਿਹਾ ਕਿ ਸਟੇਟ ਓਲੰਪਿਕ ਐਸੋਸੀਏਸ਼ਨ ਦਾ ਮੈਂਬਰ ਬਣਨ ਲਈ ਵੀ ਕਾਰਵਾਈ ਅਰੰਭੀ ਜਾਵੇ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ‘ਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਖੇਡ ਇੰਸਟੀਚਿਊਟ ਦਾ ਦੌਰਾ ਵੀ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਅੰਦਰ ਹੋਰ ਉਤਸ਼ਾਹ ਪੈਦਾ ਹੋ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ, ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜਦਾਨ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here