ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ

ਪਟਿਆਲਾ (ਦ ਸਟੈਲਰ ਨਿਊਜ਼)। ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ ਅਤੇ ਸਹਾਇਕ ਕਮਿਸ਼ਨਰ (ਜ) ਕ੍ਰਿਪਾਲ ਵੀਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵੀਲ ਚੇਅਰ ਦੀ ਵੰਡ ਕਰਨ ਸਮੇਤ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਮੀਟਿੰਗ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਐਸ.ਓ. ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਸਮੇਤ ਵੱਖ ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here