ਹੁਸ਼ਿਆਰਪੁਰ ,(ਦ ਸਟੈਲਰ ਨਿਊਜ਼): ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਡਾ. ਵੀਰਪਾਲ ਕੌਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਕੱਲ੍ਹ ਮਿਤੀ 7 ਜੁਲਾਈ, 2023 ਨੂੰ ਸਵੇਰੇ 10 ਵਜੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਹੁਸ਼ਿਆਰਪੁਰ ਵਿਖੇ ਪ੍ਰੋ. ਕ੍ਰਿਸ਼ਨ ਕੁਮਾਰ ਰੱਤੂ (ਡਾ.) ਉੱਘੇ ਲੇਖਕ ਅਤੇ ਬ੍ਰਾਡਕਾਸਟਰ, ਸਾਬਕਾ ਉਪ-ਮਹਾਂਨਿਰਦੇਸ਼ਕ ਦੂਰਦਰਸ਼ਨ ਨਾਲ ਰੂ-ਬੁ-ਰੂ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਮਾਗਮ ਵਿੱਚ ’ਸਮਾਜਿਕ ਸਰੋਕਾਰਾਂ ਵਿੱਚ ਮੀਡੀਏ ਦੀ ਭੂਮਿਕਾ’ ਵਿਸ਼ੇ ’ਤੇ ਵੀ ਚਰਚਾ ਕੀਤੀ ਜਾਵੇਗੀ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਨੇ ਦੱਸਿਆ ਕਿ ਡਾ. ਕ੍ਰਿਸ਼ਨ ਕੁਮਾਰ ਰੱਤੂ ਸਾਹਿਤ ਦੇ ਖੇਤਰ ਵਿੱਚ ਵੱਡਾ ਨਾਂ ਹੈ। ਉਨ੍ਹਾਂ ਨੇ ਲੰਮਾ ਸਮਾਂ ਦੂਰਦਰਸ਼ਨ ਕੇਂਦਰ ਵਿਖੇ ਸਰਗਰਮ ਭੂਮਿਕਾਵਾਂ ਨਿਭਾਈਆਂ ਹਨ।
ਪੰਜਾਬੀ ਅਤੇ ਹਿੰਦੀ ਸਾਹਿਤ ਸਿਰਜਣ ਵਿੱਚ ਉਨ੍ਹਾਂ ਦੀ ਕਲਮ ਲਗਾਤਾਰ ਚਲਦੀ ਰਹੀ ਹੈ। ਹੁਣ ਤੱਕ ਸੌ ਤੋਂ ਵੱਧ ਪੁਸਤਕਾਂ ਦੀ ਸਿਰਜਣਾ ਕਰ ਚੁੱਕੇ ਡਾ. ਰੱਤੂ ਨੂੰ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਹਿੰਦੀ ਸਾਹਿਤਕਾਰ ਸਨਮਾਨ ਤੋਂ ਇਲਾਵਾ ਅਨੇਕਾਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਨਮਾਨ ਮਿਲ ਚੁੱਕੇ ਹਨ। ਇੰਨੀ ਵੱਡੀ ਸਾਹਿਤਕ ਹਸਤੀ ਦੇ ਰੂ-ਬ-ਰੂ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਾਹਿਤਕ ਰਿਸ਼ਤੇ ਸਥਾਪਿਤ ਹੋਣਗੇ। ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਦਵਾਰਕਾ ਭਾਰਤੀ ਲੇਖਕ ਅਤੇ ਚਿੰਤਕ ਵੀ ਪਹੁੰਚ ਰਹੇ ਹਨ। ਇਸ ਮੌਕੇ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਵੀ ਸਨਮਾਨ ਕੀਤਾ ਜਾਵੇਗਾ