ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਤੇ ਭਾਰੀ ਮੀਂਹ ਕਰਕੇ ਪ੍ਰਭਾਵਤ ਪਿੰਡਾਂ ਦਾ ਲਿਆ ਜਾਇਜ਼ਾ

ਪਟਿਆਲਾ (ਦ ਸਟੈਲਰ ਨਿਊਜ਼): ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਰ੍ਹਦੇ ਮੀਂਹ ਦੌਰਾਨ ਤੇਜੀ ਨਾਲ ਵਹਿ ਰਹੇ ਘੱਗਰ ਦਰਿਆ, ਝੰਬੋ ਡਰੇਨ ਤੇ ਹੋਰ ਬਰਸਾਤੀ ਨਾਲਿਆਂ ਅਤੇ ਸਮਾਣਾ ਸਮੇਤ ਆਪਣੇ ਹਲਕੇ ਦੇ ਦਰਜਨ ਤੋਂ ਵਧੇਰੇ ਪਿੰਡਾਂ ਦਾ ਦੌਰਾ ਕਰਕੇ ਭਾਰੀ ਬਰਸਾਤ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਅਤੇ ਨਾ ਹੀ ਘਬਰਾਹਟ ਵਿੱਚ ਆਉਣ ਸਗੋਂ ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਫਲੱਡ ਕੰਟਰੋਲ ਰੂਮ 0175-2350550 ਤੇ ਨਾਲ ਸੰਪਰਕ ਕੀਤਾ ਜਾਵੇ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਅਤੇ ਘੱਗਰ ਤੇ ਹੋਰ ਨਦੀਆਂ ਦੇ ਕੈਚਮੈਂਟ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਲਗਾਤਾਰ ਨਿਗਰਾਨੀ ਰੱਖ ਰਹੀ ਹੈ ਅਤੇ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਰਹਿਣ ਦੀ ਹਦਾਇਤ ਕੀਤੀ ਗਈ ਹੈ।

Advertisements

ਇਸ ਮੌਕੇ ਲੋਕਾਂ ਵੱਲੋਂ ਪ੍ਰਾਪਤ ਫੀਡਬੈਕ ਤਹਿਤ ਜੌੜਾਮਾਜਰਾ ਨੇ ਜਲ ਨਿਕਾਸ, ਲੋਕ ਨਿਰਮਾਣ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀਆਂ ਜਾਰੀ ਚਿਤਾਵਨੀਆਂ ਦੇ ਮੱਦੇਨਜ਼ਰ ਹੋਰ ਵਧੇਰੇ ਚੌਕਸੀ ਨਾਲ ਘੱਗਰ ਸਮੇਤ ਹੋਰ ਨਦੀਆਂ, ਨਾਲਿਆਂ ਦੇ ਵਹਿਣ ਉਤੇ ਨਿਗਰਾਨੀ ਰੱਖਣ ਤਾਂ ਕਿ ਪੈਦਾ ਹੋਣ ਵਾਲੀ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਤੇ ਨਾਜ਼ੁਕ ਸਥਿਤੀ ਮੌਕੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੈਦਾ ਹੋਈ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੂਰੀ ਸਰਕਾਰੀ ਮਸ਼ੀਨੀਰੀ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ ਜਦਕਿ ਮੁੱਖ ਮੰਤਰੀ ਨੇ ਇਸ ਸਪੈਸ਼ਲ ਗਿਰਦਾਵਰੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ ਤਾਂ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।

ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੌਰਾਨ ਸਮਾਣਾ ਸ਼ਹਿਰ ਦੇ ਨਾਲ-ਨਾਲ ਘੱਗਰ ਦਰਿਆ ਅਤੇ ਝੰਬੋ ਡਰੇਨ ਦੇ ਨਾਲ-ਨਾਲ ਹਲਕੇ ਵਿੱਚੋਂ ਲੰਘਦੀਆਂ ਹੋਰ ਡਰੇਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਧਰਮੇੜ੍ਹੀ, ਘਿਉਰਾ, ਸੂਲਰ, ਜੇ.ਪੀ. ਕਲੋਨੀ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਨਵਾਂ ਗਾਉਂ, ਮੈਣ, ਕਮਾਲਪੁਰ, ਹਰੀਪੁਰ ਆਦਿ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਮੁਸ਼ਕਿਲ ਦੀ ਘੜੀ ਵਿੱਚ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪਣੇ ਨਾਗਰਿਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਲੋਕ ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ‘ਤੇ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੇ ਨਾਲ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਮਨਿੰਦਰ ਸਿੰਘ, ਕਮਲਪ੍ਰੀਤ ਸਿੰਘ ਸਰਪੰਚ ਸੂਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here